- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਮਸੀਹ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ: ਚੇਅਰਮੈਨ ਗੌਰਵ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਨੇ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਇੱਕ ਮੀਟਿੰਗ ਕੀਤੀ, ਜਿਸ ਵਿੱਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਨੇ ਸੰਗਠਨ ਦੀਆਂ ਨੀਤੀਆਂ ਅਤੇ ਮਸੀਹ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਵੀ ਕੀਤੀਆਂ। ਇਸ ਮੌਕੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਵਿਲਸਨ ਮਸੀਹ ਨੂੰ ਪੰਜਾਬ ਜਨਰਲ ਸਕੱਤਰ, ਕੌਂਸਲਰ ਬੰਟੀ ਨੂੰ ਉਪ ਪ੍ਰਧਾਨ, ਸੰਨੀ ਸੁਨਈਆ ਨੂੰ ਗੁਰਦਾਸਪੁਰ ਜ਼ਿਲ੍ਹਾ ਯੂਥ ਪ੍ਰਧਾਨ, ਸਟੇਬਾ ਮਸੀਹ ਨੂੰ ਸੁਨਈਆ ਪਿੰਡ ਦਾ ਸਲਾਹਕਾਰ, ਸੁਖਵਿੰਦਰ ਸਿੰਘ ਫੌਜੀ ਨੂੰ ਸਕੱਤਰ, ਵਿਕਟਰ ਵਿੱਕੀ ਸੁਨਈਆ ਨੂੰ ਯੂਥ ਸਰਕਲ ਪ੍ਰਧਾਨ, ਨਿਰਮਲ ਨੂੰ ਸਕੱਤਰ, ਡੇਵਿਡ ਨੂੰ ਸਕੱਤਰ, ਕਰਨ ਨੂੰ ਮੀਡੀਆ ਇੰਚਾਰਜ ਬਟਾਲਾ ਅਤੇ ਮੰਨਾ ਘੋਗਾ ਨੂੰ ਸਕੱਤਰ ਨਿਯੁਕਤ ਕੀਤਾ।
ਇਸ ਮੌਕੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਉਨ੍ਹਾਂ ਦੀ ਸੰਸਥਾ ਲੰਬੇ ਸਮੇਂ ਤੋਂ ਮਸੀਹ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਭਰ ਵਿੱਚ ਉਨ੍ਹਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਕੰਮ ਕਰ ਰਹੀ ਹੈ, ਅਤੇ ਸੰਗਠਨ ਭਵਿੱਖ ਵਿੱਚ ਉਨ੍ਹਾਂ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਇੱਕ ਵੱਡਾ ਮੁੱਦਾ ਹੈ, ਅਤੇ ਮਸੀਹ ਭਾਈਚਾਰੇ ਦੇ ਨੌਜਵਾਨ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਮਸੀਹ ਭਾਈਚਾਰੇ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਮਹੱਤਵਪੂਰਨ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਮਸੀਹ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ 25 ਜੂਨ ਨੂੰ ਕਲਾਨੌਰ ਵਿੱਚ ਇੱਕ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪਰਮੇਸ਼ਵਰ ਦੇ ਦਾਸ ਐਪੋਸਟਲ ਡਾ. ਅੰਕੁਰ ਯੂਸਫ਼ ਨਰੂਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਰਥਨਾ ਸਭਾ ਵਿੱਚ ਬਿਮਾਰਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।