- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਨ ਦਿਹਾੜੇ ਘਰੋਂ ਦਸ ਤੋਲੇ ਸੋਨੇ ਦੇ ਗਹਿਣੇ ਅਤੇ 25 ਹਜ਼ਾਰ ਰੁਪਏ ਨਕਦੀ ਚੋਰੀ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਕਸਬਾ ਦੋਰਾਂਗਲਾ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਪਿੰਡ ਦੋਰਾਂਗਲਾ ਦੀ ਨੰਗਲ ਡਾਲਾ ਕਾਲੋਨੀ ਵਿੱਚ ਸਾਹਮਣੇ ਆਇਆ ਹੈ। ਜਿੱਥੋਂ ਚੋਰਾਂ ਨੇ ਦਸ ਦੇ ਕਰੀਬ ਤੋਲੇ ਸੋਨੇ ਦੇ ਗਹਿਣੇ ਅਤੇ 25 ਹਜ਼ਾਰ ਦੇ ਕਰੀਬ ਨਕਦੀ ਚੋਰੀ ਕਰ ਲਈ। ਜਦਕਿ ਪਰਿਵਾਰ ਕਿਸੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਉੱਧਰ ਚੋਰੀ ਸਬੰਧੀ ਜਾਣਕਾਰੀ ਮਿਲਣ 'ਤੇ ਥਾਣਾ ਦੋਰਾਂਗਲਾ ਦੀ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦੇ ਹੋਏ ਪੀੜਤ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਮੰਗਲਵਾਰ ਨੂੰ ਉਹ ਪਰਿਵਾਰ ਸਹਿਤ ਕਿਸੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਜਦਕਿ ਘਰ ਵਿੱਚ ਉਨ੍ਹਾਂ ਦੀ ਬਜ਼ੁਰਗ ਮਾਂ ਸੀ। ਜਿਸ ਨੂੰ ਘੱਟ ਸੁਣਾਈ ਦਿੰਦਾ ਹੈ। ਉਸ ਨੇ ਦੱਸਿਆ ਕਿ ਘਰ ਵਿੱਚ ਕੋਈ ਵੀ ਮੌਜੂਦ ਨਾ ਹੋਣ ਦਾ ਫਾਇਦਾ ਉਠਾਉਂਦੇ ਹੋਏ ਚੋਰ ਖੇਤਾਂ ਵੱਲੋਂ ਘਰ ਦੀ ਪਿਛਲੀ ਦੀਵਾਰ ਦੀ ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਵੜੇ। ਇਸ ਤੋਂ ਬਾਅਦ ਚੋਰਾਂ ਨੇ ਘਰ ਦੇ ਸਮਾਨ ਦੀ ਤਲਾਸ਼ੀ ਲਈ। ਚੋਰੀ ਕਰਨ ਤੋਂ ਬਾਅਦ ਚੋਰ ਉੱਥੋਂ ਉਸੇ ਰਸਤੇ ਦੇ ਰਾਹੀਂ ਫਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਦੁਪਹਿਰ ਦੇ ਸਮੇਂ ਜਦੋਂ ਉਨ੍ਹਾਂ ਦਾ ਪੁੱਤਰ ਮੰਡੀ ਵਿੱਚ ਫ਼ਸਲ ਵੇਚ ਕੇ ਘਰ ਆਇਆ ਤਾਂ ਦੇਖਿਆ ਕਿ ਘਰ ਵਿੱਚ ਪਿਆ ਸਮਾਨ ਖਿੱਲਰਿਆ ਹੋਇਆ ਸੀ। ਬੈੱਡ ਅਤੇ ਅਲਮਾਰੀਆਂ ਖੁੱਲ੍ਹੀਆਂ ਹੋਈਆਂ ਸਨ। ਇਸ ਤੋਂ ਬਾਅਦ ਉਸ ਨੇ ਫੋਨ ਕਰਕੇ ਚੋਰੀ ਸਬੰਧੀ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਉਹ ਤੁਰੰਤ ਘਰ ਵਾਪਸ ਆਏ। ਘਰ ਦੀ ਤਲਾਸ਼ੀ ਲੈਣ 'ਤੇ ਪਤਾ ਲੱਗਾ ਕਿ ਚੋਰ ਘਰ ਤੋਂ ਕਰੀਬ ਦਸ ਤੋਲੇ ਸੋਨੇ ਦੇ ਗਹਿਣੇ ਅਤੇ 25 ਹਜ਼ਾਰ ਰੁਪਏ ਨਕਦੀ ਗਾਇਬ ਸਨ। ਪਿੰਡ ਦੇ ਸਰਪੰਚ ਕਰਮਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਦਿਨ ਦਿਹਾੜੇ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਦੇ ਹੌਸਲੇ ਹੁਣ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਬਿਨਾਂ ਕਿਸੇ ਖੌਫ਼ ਦੇ ਉਹ ਲੋਕਾਂ ਦੇ ਘਰਾਂ ਵਿੱਚ ਵੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਲੱਗੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਫੜਿਆ ਜਾਵੇ ਅਤੇ ਪੀੜਤ ਪਰਿਵਾਰ ਦਾ ਹੋਇਆ ਚੋਰੀ ਸਮਾਨ ਵਾਪਸ ਦਿਵਾਇਆ ਜਾਵੇ।