- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਉਤਸਵ ਗੁਰਦਾਸਪੁਰ-2026 ਦਾ ਸ਼ਾਨਦਾਰ ਸਮਾਪਨ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਕਮਿਸ਼ਨਰ ਆਫ ਯੂਥ ਐਂਡ ਕਲਚਰਲ ਐਕਟੀਵਿਟੀਜ਼, ਗੁਜਰਾਤ ਸਰਕਾਰ, ਗਾਂਧੀਨਗਰ ਦੇ ਸਹਿਯੋਗ ਨਾਲ ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵੱਲੋਂ ਕਰਵਾਏ ਗਏ ਪੰਜ ਰੋਜ਼ਾ ਲੋਕ ਉਤਸਵ ਗੁਰਦਾਸਪੁਰ-2026 ਦਾ ਸ਼ਾਨਦਾਰ ਸਮਾਪਨ ਸਮਾਗਮ ਗੋਲਡਨ ਗਰੁੱਪ ਆਫ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਸਮਾਪਨ ਸਮਾਗਮ ਵਿੱਚ ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਸ਼ਨਜ਼, ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ. ਰਾਜ ਕੁਮਾਰ ਸ਼ਰਮਾ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਮਾਸਟਰ ਹਰਭਜਨ ਸਿੰਘ ਖੋਖਰ ਫੌਜੀਆਂ ਪ੍ਰਸਿੱਧ ਸ਼੍ਰੋਮਣੀ ਭੰਗੜਾ ਕਲਾਕਾਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਗੋਲਡਨ ਗਰੁੱਪ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਰਾਘਵ ਮਹਾਜਨ ਅਤੇ ਉਨ੍ਹਾਂ ਦੀ ਧਰਮਪਤਨੀ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਗੋਲਡਨ ਗਰੁੱਪ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਵੱਖ-ਵੱਖ ਸੂਬਿਆਂ ਤੋਂ ਆਏ ਲੋਕ ਅਤੇ ਜਨਜਾਤੀ ਕਲਾਕਾਰਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਰੰਗ ਬਿਖੇਰੇ। ਹਿਮਾਚਲ ਪ੍ਰਦੇਸ਼ ਦੇ ਕਲਾਕਾਰਾਂ ਨੇ ਪ੍ਰਸਿੱਧ ਨਾਟੀ ਲੋਕ ਨਾਚ, ਹਰਿਆਣਾ ਦੇ ਕਲਾਕਾਰਾਂ ਨੇ ਫਾਗ ਨਾਚ ਅਤੇ ਉੱਤਰਾਖੰਡ ਦੇ ਕਲਾਕਾਰਾਂ ਨੇ ਛਪੇਲੀ ਲੋਕ ਨਾਚ ਪੇਸ਼ ਕੀਤਾ। ਜੰਮੂ-ਕਸ਼ਮੀਰ ਦੇ ਕਲਾਕਾਰਾਂ ਵੱਲੋਂ ਡੋਗਰੀ ਨ੍ਰਿਤ, ਜਾਗਰਨ ਅਤੇ ਰੂਫ ਨਾਚ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਪੰਜਾਬ ਦੇ ਕਲਾਕਾਰਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।
ਇਸ ਮੌਕੇ ਪੰਜਾਬ ਫੋਕ ਆਰਟ ਸੈਂਟਰ ਦੇ ਡਾਇਰੈਕਟਰ ਹਰਮਨਪ੍ਰੀਤ ਸਿੰਘ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਪਿਛਲੇ 15 ਸਾਲਾਂ ਤੋਂ ਲਗਾਤਾਰ ਕਰਵਾਏ ਜਾ ਰਹੇ ਲੋਕ ਉਤਸਵ ਗੁਰਦਾਸਪੁਰ ਦੇ ਇਤਿਹਾਸ ਅਤੇ ਉਦੇਸ਼ਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਉਤਸਵ ਦਾ ਮੁੱਖ ਮਕਸਦ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਲੋਕ ਅਤੇ ਜਨਜਾਤੀ ਕਲਾਵਾਂ ਨੂੰ ਮੰਚ ਪ੍ਰਦਾਨ ਕਰਨਾ, ਕਲਾਕਾਰਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਇਸ ਮੌਕੇ ਪੰਜਾਬ ਦੇ ਪ੍ਰਸਿੱਧ ਭੰਗੜਾ ਕਲਾਕਾਰ ਮਾਸਟਰ ਹਰਭਜਨ ਸਿੰਘ ਖੋਖਰ ਫੌਜੀਆਂ ਨੂੰ ਲੋਕ ਨਾਚ ਭੰਗੜੇ ਦੇ ਖੇਤਰ ਵਿੱਚ ਪਾਏ ਉਨ੍ਹਾਂ ਦੇ ਅਹਿਮ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਮੋਹਿਤ ਮਹਾਜਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਅਜਿਹੇ ਸੱਭਿਆਚਾਰਕ ਸਮਾਗਮ ਬੇਹੱਦ ਜ਼ਰੂਰੀ ਹੈ। ਅਜਿਹੇ ਪ੍ਰੋਗਰਾਮ ਜਿੱਥੇ ਲੋਕਾਂ ਦਾ ਮਨੋਰੰਜਨ ਕਰਦੇ ਹਨ, ਉੱਥੇ ਹੀ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ, ਲੋਕ ਨਾਚਾਂ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰਦੇ ਹਨ। ਹਰਮਨਪ੍ਰੀਤ ਸਿੰਘ ਨੇ ਵੀ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਗੁਰਦਾਸਪੁਰ ਪਹੁੰਚੇ ਸਾਰੇ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਅਤੇ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਇਹ ਉਤਸਵ ਯਾਦਗਾਰੀ ਬਣਿਆ ਹੈ। ਇਸ ਪੰਜ ਰੋਜ਼ਾ ਲੋਕ ਉਤਸਵ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪੰਜਾਬ ਫੋਕ ਆਰਟ ਸੈਂਟਰ ਦੀ ਸਮੁੱਚੀ ਟੀਮ ਨੇ ਅਹਿਮ ਭੂਮਿਕਾ ਨਿਭਾਈ। ਇਸ ਟੀਮ ਵਿੱਚ ਸੰਸਥਾ ਦੇ ਪ੍ਰਧਾਨ ਅਰਸ਼ਪ੍ਰੀਤ ਸਿੰਘ, ਸਕੱਤਰ ਦਮਨਜੀਤ ਸਿੰਘ, ਜਗਬੀਰ ਸਿੰਘ, ਗੁਰਸ਼ਰਨਪ੍ਰੀਤ ਸਿੰਘ, ਹਰਮਨਜੋਤ ਸਿੰਘ, ਅਸ਼ੀਸ਼ ਕੁਮਾਰ, ਗੁਰਮੀਤ ਸਿੰਘ, ਕੁਨਾਲ, ਸਿਮਰਨ ਅਤੇ ਕਰਨਬੀਰ ਸਿੰਘ ਮੋਹਾਲੀ ਨੇ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਉਂਦਿਆਂ ਉਤਸਵ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।