ਗੰਨ ਪੁਆਇੰਟ ’ਤੇ ਐਕਸਯੂਵੀ ਲੁੱਟਣ ਵਾਲੇ ਚਾਰ ਮੁਲਜ਼ਮ ਗ੍ਰਿਫ਼ਤਾਰ ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ
Publish Date: Sat, 21 Nov 2026 08:46 PM (IST)
Updated Date: Sat, 21 Nov 2026 08:49 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪਠਾਨਕੋਟ-ਜੰਮੂ ਕੌਮੀ ਮਾਰਗ ’ਤੇ ਗੰਨ ਪੁਆਇੰਟ ’ਤੇ ਐਕਸਯੂਵੀ ਕਾਰ ਖੋਹਣ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਪਠਾਨਕੋਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਖੋਹੀ ਗਈ ਐਕਸਯੂਵੀ-500 ਕਾਰ ਬਰਾਮਦ ਕਰ ਲਈ ਹੈ। ਇਸ ਕਾਰਵਾਈ ਦੀ ਖ਼ਾਸ ਗੱਲ ਇਹ ਰਹੀ ਕਿ ਵਾਰਦਾਤ ਦੇ ਮੁੱਖ ਮੁਲਜ਼ਮ ਨੂੰ ਗੁਜਰਾਤ ਦੇ ਵਡੋਦਰਾ ਸ਼ਹਿਰ ਤੋਂ ਗੁਜਰਾਤ ਪੁਲਿਸ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਉਰਫ਼ ਸ਼ੀਨਾ ਵਾਸੀ ਅੰਮ੍ਰਿਤਸਰ, ਪੁਨੀਤ ਸ਼ਰਮਾ ਉਰਫ਼ ਕਾਕਾ ਵਾਸੀ ਅੰਮ੍ਰਿਤਸਰ, ਪਵਨ ਉਰਫ਼ ਪਾਣੀ ਵਾਸੀ ਗੁਰਦਾਸਪੁਰ ਅਤੇ ਰਾਹੁਲ ਭੱਟੀ ਉਰਫ਼ ਬੌਬੀ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁੱਖ ਮੁਲਜ਼ਮ ਸੁਰਜੀਤ ਸਿੰਘ ਉਰਫ਼ ਸ਼ੀਨਾ ਨੂੰ ਵਡੋਦਰਾ ਤੋਂ ਗ੍ਰਿਫ਼ਤਾਰ ਕਰਨ ਵਿੱਚ ਗੁਜਰਾਤ ਪੁਲਿਸ ਦਾ ਵਿਸ਼ੇਸ਼ ਸਹਿਯੋਗ ਰਿਹਾ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁੱਖ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਰਿਹਾ ਹੈ। ਉਸ ਦੇ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਇਸ ਸਬੰਧੀ ਥਾਣਾ ਸੁਜਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਨੂੰ ਜ਼ਿਲ੍ਹੇ ਵਿੱਚ ਵਾਹਨ ਖੋਹਣ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਅਹਿਮ ਸਫ਼ਲਤਾ ਮੰਨਿਆ ਜਾ ਰਿਹਾ ਹੈ।