ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਾਈ ਕੋਰਟ 'ਚ ਕੇਸ ਲੜਨ ਦਾ ਐਲਾਨ
ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਸਰਕਾਰ ਇਕ ਸਾਜ਼ਿਸ਼ ਤਹਿਤ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਇਨਕਾਊਂਟਰ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਈ ਇਨਕਾਊਂਟਰ ਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਹੈ।
Publish Date: Fri, 27 Feb 2026 12:31 PM (IST)
Updated Date: Fri, 27 Feb 2026 12:33 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਵਿੱਚ ਦੋ ਨੌਜਵਾਨਾਂ ਦੇ ਕੀਤੇ ਗਏ ਇਨਕਾਊਂਟਰ ਤੋਂ ਬਾਅਦ ਸੂਬੇ ਵਿੱਚ ਸਿਆਸੀ ਅਤੇ ਸਮਾਜਿਕ ਹਲਚਲ ਤੇਜ਼ ਹੋ ਗਈ ਹੈ। ਇਸ ਘਟਨਾ ਦੇ ਪ੍ਰਸੰਗ ਵਿੱਚ ਮ੍ਰਿਤਕ ਰਣਜੀਤ ਸਿੰਘ ਦੇ ਘਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਨਕਾਊਂਟਰ 1989 ਤੋਂ 1995 ਦੇ ਦੌਰਾਨ ਹੋਏ ਪੁਲਿਸ ਮੁਕਾਬਲਿਆਂ ਵਰਗਾ ਬਣਾਇਆ ਗਿਆ ਲੱਗਦਾ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਰਣਜੀਤ ਸਿੰਘ ਜਾਂ ਕੋਈ ਹੋਰ ਦੋਸ਼ੀ ਸੀ ਤਾਂ ਉਸ ਖ਼ਿਲਾਫ ਕਾਨੂੰਨੀ ਕਾਰਵਾਈ ਕਰਕੇ ਅਦਾਲਤ ਵਿੱਚ ਟਰਾਇਲ ਚਲਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਸਰਕਾਰ ਇਕ ਸਾਜ਼ਿਸ਼ ਤਹਿਤ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਇਨਕਾਊਂਟਰ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਈ ਇਨਕਾਊਂਟਰ ਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਹੈ।
ਇਮਾਨ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਸ ਮਾਮਲੇ ਨੂੰ ਹਾਈਕੋਰਟ ਵਿੱਚ ਲੜੇਗੀ ਅਤੇ ਇਨਕਾਊਂਟਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਮਾਝੇ ਦੇ ਇੰਚਾਰਜ ਗੁਰਬਿੰਦਰ ਸਿੰਘ ਜੋਲੀ, ਦਲ ਖਾਲਸਾ ਜਥੇਬੰਦੀ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ, ਹਰਵਿੰਦਰ ਸਿੰਘ, ਯੂਥ ਆਗੂ ਲਵਪ੍ਰੀਤ ਸਿੰਘ ਤੂਫਾਨ, ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਬੀਬੀ ਕੁਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਵੀ ਹਾਜ਼ਰ ਸਨ।