ਗੁਰਦਾਸਪੁਰ ਨੂੰ ਮਿਲੀ 5 ਆਮ ਆਦਮੀ ਕਲੀਨਿਕਾਂ ਦੀ ਸੌਗਾਤ
ਗੁਰਦਾਸਪੁਰ ਨੂੰ ਮਿਲੀ 5 ਆਮ ਆਦਮੀ ਕਲੀਨਿਕਾਂ ਦੀ ਸੌਗਾਤ
Publish Date: Sat, 28 Mar 2026 04:33 PM (IST)
Updated Date: Sun, 29 Mar 2026 04:03 AM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ ਵਿਖੇ ਵੱਖ-ਵੱਖ 5 ਸਥਾਨਾਂ ’ਤੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ। ਇਸ ਮੌਕੇ ਚੇਅਰਮੈਨ ਭਾਰਤ ਭੂਮੀ ਸ਼ਰਮਾ, ਸਿਵਲ ਸਰਜਨ ਡਾ. ਮਹੇਸ਼ ਪ੍ਰਭਾਕਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਟਰੱਸਟੀ ਜਗਜੀਤ ਸਿੰਘ ਪਿੰਟਾ, ਡਾਕਟਰੀ ਸਟਾਫ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਦੱਸਣਯੋਗ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਅੰਦਰ 109 ਆਮ ਆਦਮੀ ਕਲੀਨਿਕਾਂ ਦੇ ਵਰਚੁਅਲ ਉਦਘਾਟਨ ਕਰਕੇ ਲੋਕ ਸਮਰਪਿਤ ਕੀਤੇ ਗਏ ਹਨ। ਰਮਨ ਬਹਿਲ ਵਲੋਂ ਗੀਤਾ ਭਵਨ ਮੁਹੱਲਾ, ਵਿਆਹ ਘਰ ਨਬੀਪੁਰ, ਅੱਖਾਂ ਦਾ ਹਸਪਤਾਲ, ਪ੍ਰਬੋਧ ਚੰਦਰ ਨਗਰ, ਨਵਾਂ ਬੱਸ ਸਟੈਂਡ ਅਤੇ ਸਬ ਸੈਂਟਰ ਘੁਰਾਲਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਪੁੱਜਦਾ ਕਰਨ ਲਈ ਵਚਨਬੱਧ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਹਲਕੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ, ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜ਼ਾਨਾਂ ਸੈਂਕੜਿਆਂ ਦੀ ਤਦਾਦ ’ਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਉਮੀਦਾਂ ’ਤੇ ਆਮ ਆਦਮੀ ਕਲੀਨਿਕ ਖਰ੍ਹੇ ਉੱਤਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਰਮਨ ਬਹਿਲ ਨੇ ਅੱਗੇ ਦੱਸਿਆ ਕਿ ਸੂਬੇ ਭਰ ਅੰਦਰ ਪਹਿਲਾਂ ਹੀ 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਅਣਗਹਿਲੀ ਨਾ ਵਰਤੀ ਜਾਵੇ।