- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਦਾ ਸਰੋਤ : ਡਾ. ਚਰਨਜੀਤ ਸਿੰਘ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਦੇ ਵੱਖ-ਵੱਖ ਪੱਖਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਵਿਚਾਰਧਾਰਾ ਦੀ ਵਰਤਮਾਨ ਸਮੇਂ ਵਿੱਚ ਸਾਰਥਕਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਕਰਵਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਫ਼ਲਸਫ਼ਾ ਸਮੁੱਚੇ ਵਿਸ਼ਵ ਲਈ ਅਜਿਹੀ ਅਨਮੋਲ ਵਿਚਾਰਧਾਰਕ ਵਿਰਾਸਤ ਹੈ, ਜੋ ਮਨੁੱਖ ਨੂੰ ਵਹਿਮਾਂ-ਭਰਮਾਂ, ਸਮਾਜਿਕ ਵੰਡੀਆਂ ਤੇ ਵਿਤਕਰਿਆਂ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀ ਹੈ। ਅਜੋਕੇ ਸਮੇਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਣਾ ਅਤੇ ਜੀਵਨ ਵਿੱਚ ਅਪਣਾਉਣਾ ਹੋਰ ਵੀ ਵਧੇਰੇ ਮਹੱਤਵਪੂਰਨ ਹੋ ਗਿਆ ਹੈ। ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਹੈ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਾਹਿਤਕ, ਸੱਭਿਆਚਾਰਕ ਤੇ ਵਿਚਾਰਧਾਰਕ ਵਿਰਾਸਤ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਗੁਰੂ ਸਾਹਿਬ ਦੀ ਬਾਣੀ ਦੇ ਦਾਰਸ਼ਨਿਕ, ਸਮਾਜਿਕ ਅਤੇ ਮਾਨਵਵਾਦੀ ਪੱਖਾਂ ਉੱਤੇ ਵਿਸ਼ੇਸ਼ ਚਰਚਾ ਕੀਤੀ। ਇਸ ਮੌਕੇ ਡਾ. ਨਵੀਨ ਚੰਦ ਐੱਸਐੱਲ ਬਾਵਾ ਡੀਏਵੀ ਕਾਲਜ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ.ਮਨਮੀਤ ਕੌਰ, ਪ੍ਰੋ.ਨਵਦੀਪ ਕੌਰ, ਪ੍ਰੋ. ਕੰਵਲਜੀਤ ਕੌਰ ਤੇ ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।