ਐੱਨਐੱਚਐੱਮ ਕਰਮਚਾਰੀਆਂ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ, ਮਰੀਜ਼ਾਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ ਐੱਨਐੱਚਐੱਮ ਕਰਮਚਾਰੀਆਂ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ, ਮਰੀਜ਼ਾਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
Publish Date: Tue, 17 Nov 2026 04:44 PM (IST)
Updated Date: Tue, 17 Nov 2026 04:45 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਤਹਿਤ ਕੰਮ ਕਰ ਰਹੇ ਕਰਮਚਾਰੀਆਂ ਦੀ ਲਗਾਤਾਰ ਜਾਰੀ ਹੜਤਾਲ ਦਾ ਅਸਰ ਹੁਣ ਆਮ ਲੋਕਾਂ ਅਤੇ ਮਰੀਜ਼ਾਂ ਤੇ ਵੀ ਪੈਣ ਲੱਗਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਇਲਾਜ ਲਈ ਪਹੁੰਚ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਨਹੀਂ ਮਿਲ ਪਾ ਰਹੀਆਂ ਜਦਕਿ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਵੀ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਸਿਹਤ ਸੇਵਾਵਾਂ ਤੇ ਪੈ ਰਹੇ ਇਸ ਅਸਰ ਦੇ ਵਿਚਕਾਰ ਐੱਨਐੱਚਐੱਮ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਐੱਨਐੱਚਐੱਮ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਉਹ ਕਈ ਵਾਰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਕਰਨ ਦੀ ਦਿਸ਼ਾ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਐੱਨਐੱਚਐੱਮ ਨੇਤਾ ਡਾ. ਸੁਨੀਲ ਤਰਗੋਤਰਾ ਨੇ ਦੱਸਿਆ ਕਿ ਸਰਕਾਰ ਨਾਲ ਵੱਖ-ਵੱਖ ਪੱਧਰਾਂ ਤੇ ਕਈ ਬੈਠਕਾਂ ਹੋ ਚੁੱਕੀਆਂ ਹਨ। ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦਾ ਗਠਨ ਕਰਨ ਅਤੇ ਉਸ ਰਾਹੀਂ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਹੁਣ 17 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ ਬੈਠਕ ਤੋਂ ਕਰਮਚਾਰੀਆਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਨੂੰ ਆਸ ਹੈ ਕਿ ਇਸ ਬੈਠਕ ਵਿੱਚ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੋਈ ਸਕਾਰਾਤਮਕ ਫੈਸਲਾ ਲਿਆ ਜਾਵੇਗਾ। ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀ ਚਾਹੁੰਦੇ ਹਨ ਕਿ ਸਰਕਾਰ ਸਿਰਫ਼ ਭਰੋਸੇ ਦੇਣ ਤੱਕ ਸੀਮਿਤ ਨਾ ਰਹੇ ਸਗੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਲਈ ਠੋਸ ਅਤੇ ਸਮਾਂਬੱਧ ਫੈਸਲੇ ਲਵੇ। ਇਸੇ ਤਰ੍ਹਾਂ ਡਾ. ਵਿਕਰਮ ਨੇ ਕਿਹਾ ਕਿ ਜੇਕਰ ਅੱਜ ਹੋਣ ਵਾਲੀ ਬੈਠਕ ਵਿੱਚ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ ਤਾਂ ਯੂਨੀਅਨ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਨੇਤਾਵਾਂ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਸੇਵਾਵਾਂ ਨੂੰ ਨਿਯਮਿਤ ਕਰਨਾ, ਤਨਖਾਹ ਵਿੱਚ ਉਚਿਤ ਵਾਧਾ ਕਰਨਾ ਅਤੇ ਸਮਾਨ ਕੰਮ, ਸਮਾਨ ਤਨਖਾਹ ਦਾ ਸਿਧਾਂਤ ਲਾਗੂ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਦੋ ਤੱਕ ਪੂਰੇ ਪੰਜਾਬ ਵਿੱਚ ਪੱਕਾ ਧਰਨਾ ਅਤੇ ਸੰਘਰਸ਼ ਜਾਰੀ ਰਹੇਗਾ। ਕਰਮਚਾਰੀ ਨੇਤਾਵਾਂ ਨੇ ਚੇਤਾਵਨੀ ਦਿੱਤੀ ਕਿ ਮੰਗਾਂ ਦਾ ਠੋਸ ਹੱਲ ਨਾ ਹੋਣ ਦੀ ਸਥਿਤੀ ਵਿੱਚ 19 ਨਵੰਬਰ ਤੋਂ ਪਟਿਆਲਾ ਵਿੱਚ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਸਾਹਮਣੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦਾ ਨਿਪਟਾਰਾ ਹੋਣ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਇਸ ਮੌਕੇ ਸੂਰਜ ਪ੍ਰਕਾਸ਼, ਵਿਕਾਸ ਜੋਏਲ, ਅਸ਼ਵਨੀ ਸ਼ਰਮਾ, ਡਾ. ਵਿਕਰਮ, ਅਮਨਦੀਪ ਸਿੰਘ, ਨਵਜੋਤ ਕੌਰ, ਗੁਰਪ੍ਰੀਤ ਸਿੰਘ, ਡਾ. ਗਗਨ, ਡਾ. ਰਮਨ, ਵਰਿੰਦਰ ਕੌਰ ਅਤੇ ਡਾ. ਆਰਤੀ ਸਮੇਤ ਹੋਰ ਕਰਮਚਾਰੀ ਮੌਜੂਦ ਸਨ।