ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਭਰਵਾਂ ਸਵਾਗਤ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਭਰਵਾਂ ਸਵਾਗਤ
Publish Date: Fri, 23 Oct 2026 04:00 PM (IST)
Updated Date: Fri, 23 Oct 2026 04:03 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਦੀ ਧਰਤੀ ਉੱਤੇ ਪਹਿਲੀ ਵਾਰ ਖੇਡੇ ਜਾਣ ਵਾਲੇ ਵਿਸ਼ਵ ਪੱਧਰੀ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ’ਤੇ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਜੈਂਤੀਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਬੋਪਾਰਾਏ ਅਰਜਨਾ ਐਵਾਰਡੀ, ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਹਾਕੀ ਦਾ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ। ਹਾਕੀ ਉਲੰਪੀਅਨ ਬਿਰਗੇਡੀਅਰ ਹਰਚਰਨ ਸਿੰਘ ਅਰਜਨਾ ਐਵਾਰਡੀ ਨੇ ਕਿਹਾ ਕਿ ਇਸ ਟਰਾਫ਼ੀ ਟੂਰ ਦਾ ਉਦੇਸ਼ ਪੰਜਾਬ ਵਿੱਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਨੇ ਆਪਣੇ ਪੁਰਾਣੇ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1965 ਵਿੱਚ ਦਸਵੀਂ ਪਾਸ ਕਰਨ ਤੋਂ ਬਾਅਦ ਜਲੰਧਰ ਦੇ ਸਪੋਰਟਸ ਕਲੱਬ ਵਿੱਚ ਜਾ ਕੇ ਖੇਡਾਂ ਦੇ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਆਪਣੇ ਹੀ ਸਕੂਲ ਵਿੱਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਸਵਾਗਤ ਕਰਨਾ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੂਬੇ ਭਰ ਦਾ ਇਹ ਟੂਰ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਵਿੱਚ ਕਰਵਾਉਣ ਲਈ ਕੀਤੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਐੱਸਏਐੱਸ ਨਗਰ (ਮੁਹਾਲੀ) ਵਿਖੇ ਕਰਵਾਏ ਜਾਣਗੇ। ਜਲੰਧਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਛੇ ਦੇਸ਼ਾਂ ਦੀਆਂ ਟੀਮਾਂ ਦੇ ਲੀਗ ਮੁਕਾਬਲੇ ਹੋਣਗੇ, ਜਦਕਿ ਮੁਹਾਲੀ ਵਿਖੇ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲਾ ਅਤੇ ਫਾਈਨਲ ਖੇਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਰਤ, ਬੰਗਲਾ ਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਦੌਰਾਨ ਹਾਕੀ ਖਿਡਾਰੀਆਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹੇ ਵੱਕਾਰੀ ਹਾਕੀ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਇਹ ਖ਼ਿਤਾਬ ਚਾਰ ਵਾਰ ਆਪਣੇ ਨਾਂ ਕੀਤਾ ਹੈ ਅਤੇ ਇਕ ਵਾਰ ਸਾਂਝੇ ਤੌਰ ’ਤੇ ਜਿੱਤਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਵਾਰ ਵੀ ਮੁਕਾਬਲੇ ਬੇਹੱਦ ਰੋਮਾਂਚਕ ਹੋਣਗੇ ਅਤੇ ਭਾਰਤੀ ਟੀਮ ਮੁੜ ਇਤਿਹਾਸ ਸਿਰਜੇਗੀ।ਇਸ ਤੋਂ ਬਾਅਦ ਟਰਾਫੀ ਟੂਰ ਨੂੰ ਪਠਾਨਕੋਟ ਜ਼ਿਲ੍ਹੇ ਲਈ ਰਵਾਨਾ ਕਰ ਦਿੱਤਾ ਗਿਆ।ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਾਬਕਾ ਹੈੱਡ ਟੀਚਰ ਨਿਰਮਲ ਸਿੰਘ, ਹਾਕੀ ਕੋਚ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਅਕਾਸ਼, ਪਰਮਿੰਦਰ ਕੌਰ, ਸਿੰਮੀ ਮਿਨਹਾਸ, ਸਰਬਜੀਤ ਕੌਰ, ਸੁਨੀਤਾ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।