ਬੱਚਿਆਂ ਦੇ ਭਵਿੱਖ ਲਈ ਘਰ-ਸਕੂਲ ਸਾਂਝ ਜ਼ਰੂਰੀ : ਵਿਧਾਇਕ ਕਲਸੀ
ਬੱਚਿਆਂ ਦੇ ਭਵਿੱਖ ਲਈ ਘਰ-ਸਕੂਲ ਸਾਂਝ ਜ਼ਰੂਰੀ : ਵਿਧਾਇਕ ਸ਼ੈਰੀ ਕਲਸੀ
Publish Date: Sat, 07 Feb 2026 06:47 PM (IST)
Updated Date: Sun, 08 Feb 2026 04:08 AM (IST)
ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਵਿਖੇ 'ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਕੌਰ, ਸੇਵਾਮੁਕਤ ਪ੍ਰਿੰਸੀਪਲ ਬਲਵਿੰਦਰ ਕੌਰ, ਡਾ. ਸਤਿੰਦਰ ਕੌਰ, ਨਵਦੀਪ ਸਿੰਘ ਸਮੇਤ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਕਰਵਾਈਆਂ ਗਈਆਂ ਹਨ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ।
ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ ਦੀ ਹੀ ਨਹੀਂ, ਸਗੋਂ ਘਰ ਅਤੇ ਸਕੂਲ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ, ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ, ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ, ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਰ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇਹਨਾਂ ਵਰਕਸ਼ਾਪਾਂ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਸ ਕਾਰਜ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।