- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ......ਅਕਾਲੀ-ਭਾਜਪਾ ਗੱਠਜੋੜ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ 'ਚ ਭਾਰੀ ਉਤਸ਼ਾਹ; ਸ਼ਮਸ਼ੇਰ ਸਿੰਘ ਚੀਮਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਗਠਜੋੜ ਦੀ ਖਬਰ ਆਉਂਦਿਆਂ ਹੀ ਵੱਖ ਵਖ ਥਾਵਾਂ ਤੇ ਅਕਾਲੀ ਦਲ ਦੇ ਆਗੂਆਂ ਨੇ ਖੁਸ਼ੀ ਚ ਲੱਡੂ ਵੰਡੇ। ਹਲਕਾ ਬਟਾਲਾ ਦੇ ਸੀਨੀਅਰ ਅਕਾਲੀ ਆਗੂ ਸ਼ਮਸ਼ੇਰ ਸਿੰਘ ਚੀਮਾ ਨੇ ਗੱਠਜੋੜ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਅਤੇ ਨਵੀਂ ਉਮੀਦ ਜਾਗੀ ਹੈ। ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਵਿੱਚ 'ਡਬਲ ਇੰਜਣ' ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਾਂ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਅਨੁਸਾਰ, ਸੂਬੇ ਨੂੰ ਇਨ੍ਹਾਂ ਮੁਸ਼ਕਲਾਂ 'ਚੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਹੈ, ਜੋ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਦੇ ਸਹਿਯੋਗ ਨਾਲ ਸੜਕਾਂ, ਪੁਲਾਂ, ਸਿਹਤ ਸੇਵਾਵਾਂ, ਸਿੱਖਿਆ ਅਤੇ ਉਦਯੋਗਿਕ ਖੇਤਰ ਵਿੱਚ ਵੱਡੇ ਪੱਧਰ 'ਤੇ ਕੰਮ ਕਰ ਸਕੇ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਨੌਜਵਾਨਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਗਠਜੋੜ ਦੀ ਪਹਿਲ ਹੋਵੇਗੀ।
-ਬਾਕਸ-
-ਭਵਿੱਖੀ ਚੋਣਾਂ ਦਾ ਟੀਚਾ ਤੇ ਆਪਸੀ ਏਕਤਾ ਦਾ ਦਿੱਤਾ ਸੱਦਾ
ਆਗਾਮੀ ਸਿਆਸੀ ਰਣਨੀਤੀ ਬਾਰੇ ਗੱਲ ਕਰਦਿਆਂ ਆਗੂਆਂ ਨੇ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਅਕਾਲੀ-ਭਾਜਪਾ ਗੱਠਜੋੜ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 100 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ। ਉਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਰਬਉੱਚ ਰੱਖਦਿਆਂ ਇਕਜੁੱਟ ਹੋ ਕੇ ਲੋਕ ਸੇਵਾ ਵਿੱਚ ਜੁਟ ਜਾਣ। ਸ਼ਮਸ਼ੇਰ ਚੀਮਾ ਨੇ ਸਪੱਸ਼ਟ ਕੀਤਾ ਕਿ ਗੱਠਜੋੜ ਦਾ ਮੁੱਖ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਰੁਜ਼ਗਾਰ ਯੁਕਤ ਬਣਾ ਕੇ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣਾ ਹੈ।