- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਗੁਰਦਾਸਪੁਰ ਦੇ ਕੈਮਿਸਟਾਂ ਦੀ ਅਹਿਮ ਮੀਟਿੰਗ

ਨਰੇਸ਼ ਕਾਲੀਆ, ਪੰਜਾਬੀ ਜਾਗਰਣ
ਗੁਰਦਾਸਪੁਰ: ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਦਾਸਪੁਰ ਦੇ ਸਮੂਹ ਕੈਮਿਸਟਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕੈਮਿਸਟ ਐਸੋਸੀਏਸ਼ਨ ਦੇ ਸਿਟੀ ਪ੍ਰਧਾਨ ਦਰਸ਼ਨ ਸ਼ਰਮਾ ਨੇ ਕੀਤੀ, ਜਦਕਿ ਜ਼ਿਲ੍ਹਾ ਪ੍ਰਧਾਨ ਸਤੀਸ਼ ਕਪੂਰ ਅਤੇ ਚੇਅਰਮੈਨ ਦਿਨੇਸ਼ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿਟੀ ਦੇ ਕਾਰਜਕਾਰੀ ਪ੍ਰਧਾਨ ਰਜਵੰਤ ਬਾਵਾ ਵੀ ਮੌਜੂਦ ਰਹੇ।
ਇਸ ਮੌਕੇ ਸਿਟੀ ਪ੍ਰਧਾਨ ਦਰਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਕੈਮਿਸਟ ਭਾਈਚਾਰੇ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਮਿਸਟਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸਮੂਹ ਦਵਾਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਨਿਰਧਾਰਤ ਕਾਨੂੰਨੀ ਨਿਯਮਾਂ ਅਨੁਸਾਰ ਬਿੱਲਾਂ ਰਾਹੀਂ ਹੀ ਕੀਤੀ ਜਾਵੇ ਅਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਾਰੇ ਕੈਮਿਸਟਾਂ ਨੂੰ ਡਰੱਗ ਐਕਟ ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕਰਨ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੁਰਵਰਤੋਂ ਦੀ ਸੰਭਾਵਨਾ ਵਾਲੀਆਂ ਦਵਾਈਆਂ ਬਿਨਾਂ ਡਾਕਟਰ ਦੀ ਵੈਧ ਪਰਚੀ ਤੋਂ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ। ਜੇਕਰ ਕੋਈ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਐਸੋਸੀਏਸ਼ਨ ਉਸ ਦਾ ਸਾਥ ਨਹੀਂ ਦੇਵੇਗੀ ਅਤੇ ਨਾ ਹੀ ਉਸ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸਾਰੇ ਕੈਮਿਸਟਾਂ ਨੂੰ ਆਪਣਾ ਕਾਰੋਬਾਰ ਇਮਾਨਦਾਰੀ ਅਤੇ ਕਾਨੂੰਨ ਅਨੁਸਾਰ ਚਲਾਉਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਮੁੱਖ ਮਹਿਮਾਨਾਂ ਨੇ ਵੀ ਕੈਮਿਸਟਾਂ ਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਸਮੂਹ ਕੈਮਿਸਟਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।