- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦਰਬਾਰ ਵਿਖੇ ਅਵਤਾਰ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਸਥਾਨਕ ਰਣਜੀਤ ਐਵਨਿਊ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ (ਅਵਤਾਰ) ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ•। ਇਸ ਪਾਵਨ ਦਿਹਾੜੇ ਸਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੀ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤ ਨੇ ਬੜੀ ਸ਼ਰਧਾ ਨਾਲ ਗੁਰਬਾਣੀ ਸੁਣ ਕੇ ਜੀਵਨ ਸਫਲਾ ਕੀਤਾ।ਇਸ ਤੋਂ ਬਾਅਦ ਗ੍ਰੰਥੀ ਭਾਈ ਬਲਵਿੰਦਰ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਛੋਟੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ, ਜਿਸ ’ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਲਾਕੇ ਦੀਆਂ ਸੰਗਤਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜੀ ਰੱਖਣ ਲਈ ਅੱਗੇ ਤੋਂ ਵੀ ਅਜਿਹੇ ਧਾਰਮਿਕ ਮੁਕਾਬਲੇ ਜਾਰੀ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਰਣਜੀਤ ਐਵਨਿਊ, ਗੁਰੂ ਨਾਨਕ ਕਲੋਨੀ, ਉਸਮਾਨਪੁਰ ਸਿਟੀ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।