- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

- ਏਡੀਸੀ ਦੀ ਪ੍ਰਧਾਨਗੀ ਹੇਠ ਐੱਨਸੀਓਆਰਡੀ ਸਬੰਧੀ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਐੱਨਸੀਓਆਰਡੀ ਭਾਵ ਨਾਰਕੋਟਿਕਸ ਕੋਆਰਡੀਨੇਸ਼ਨ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਗੁਰਸਿਮਰਨ ਸਿੰਘ ਢਿੱਲੋਂ ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਐੱਸਪੀ ਬਟਾਲਾ ਰਮਨਦੀਪ ਸਿੰਘ ਸਮੇਤ ਸਿਵਲ ਤੇ ਪੁਲਿਸ ਵਿਭਾਗ ਸਬੰਧਤ ਦੇ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਥਿਤੀ, ਪਿਛਲੇ ਮਹੀਨੇ ਕੀਤੀਆਂ ਗਈਆਂ ਕਾਰਵਾਈਆਂ ਅਤੇ ਐੱਨਡੀਪੀਐੱਸ ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਨੇ ਪੁਲਿਸ, ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਪੰਚਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ, ਕਾਲਜਾਂ, ਅਤੇ ਪਿੰਡਾਂ ਆਦਿ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਿਹਤ ਤੇ ਡਰੱਗਜ਼ ਵਿਭਾਗ ਦੇ ਅਧਿਕਾਰੀਆਂ ਨੂੰ ਓਟ ਕੇਂਦਰਾਂ ਅਤੇ ਮੈਡੀਕਲ ਸਟੋਰਾਂ ਦੀ ਸਮੇਂ-ਸਮੇਂ ਜਾਂਚ ਕਰਨ ਅਤੇ ਮਰੀਜ਼ਾਂ ਨੂੰ ਇਨ੍ਹਾਂ ਕੇਂਦਰਾਂ ਤੱਕ ਲਿਜਾਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨੂੰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪੈਂਫਲਿਟ ਛਪਵਾ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਕਾਰਜਸਾਧਕ ਅਫਸਰਾਂ ਰਾਹੀਂ ਵੰਡਣ ਨੂੰ ਯਕੀਨੀ ਬਣਾਉਣ। ਇਸ ਮੌਕੇ ਗੁਰਦਾਸਪੁਰ ਤੇ ਬਟਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਪੈਸ਼ਲ ਡਰਾਈਵ ਚਲਾਈ ਜਾ ਰਹੀ ਹੈ ਅਤੇ ਸਰਹੱਦੀ/ਸ਼ੱਕੀ ਥਾਵਾਂ ’ਤੇ ਨਾਕਾਬੰਦੀ ਸਖਤ ਕੀਤੀ ਗਈ ਹੈ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਛੋਟੇ-ਮੋਟੇ ਨਸ਼ਾ ਵਿਕਰੇਤਾਵਾਂ ਦੇ ਨਾਲ-ਨਾਲ ਪਿੱਛੇ ਬੈਠੇ ਵੱਡੇ ਸਪਲਾਇਰਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ, ਮੁੜ-ਵਸੇਬੇ ਅਤੇ ਕਾਊਂਸਲਿੰਗ ਪ੍ਰਬੰਧਾਂ ’ਤੇ ਵੀ ਚਰਚਾ ਹੋਈ। ਇਸ ਮੌਕੇ ਡਾ. ਸ਼ਾਹਬਾਜ ਸਿੰਘ ਮੁੱਖ ਖੇਤੀਬਾੜੀ ਅਫਸਰ, ਡੀਐੱਸਪੀ ਗੁਰਦਾਸਪੁਰ ਤੇਜਿੰਦਰ ਸਿੰਘ, ਡੀਐੱਸਪੀ ਬਟਾਲਾ ਹਰਬੰਸ ਸਿੰਘ, ਹਰਪ੍ਰੀਤ ਸਿੰਘ ਡੀਡੀਪੀਓ, ਡਾ. ਰਮੇਸ਼ ਅੱਤਰੀ, ਡਾ. ਵਰਿੰਦਰ ਸਿੰਘ ਡੀਐੱਮਸੀ, ਮੁਕੇਸ਼ ਵਰਮਾ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਰਾਜੀਵ ਠਾਕੁਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸੰਦੀਪ ਕੌਰ ਜ਼ਿਲ੍ਹਾ ਯੂਥ ਅਫਸਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।