ਜੋਗਿੰਦਰ ਪਾਲ ਦੀ ਚੰਨੀ ਨਾਲ ਮੁਲਾਕਾਤ, ਕਾਂਗਰਸ ਦੀ ਇਕਜੁੱਟਤਾ ’ਤੇ ਦਿੱਤਾ ਜ਼ੋਰ ਮਿਸ਼ਨ 2027 ਨੂੰ ਲੈ ਕੇ ਜੋਗਿੰਦਰ ਪਾਲ ਦੀ ਚੰਨੀ ਨਾਲ ਮੁਲਾਕਾਤ, ਕਾਂਗਰਸ ਦੀ ਏਕਤਾ ’ਤੇ ਜ਼ੋਰ
Publish Date: Wed, 23 Sep 2026 04:39 PM (IST)
Updated Date: Wed, 23 Sep 2026 04:42 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਕਾਂਗਰਸ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਮਿਸ਼ਨ 2027 ਸਬੰਧੀ ਪਾਰਟੀ ਦੀ ਰਣਨੀਤੀ ’ਤੇ ਵੀ ਚਰਚਾ ਕੀਤੀ। ਮੁਲਾਕਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਵਜੋਂ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਰੀਬ 111 ਦਿਨਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਆਮ ਲੋਕਾਂ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਪਰਿਵਾਰਾਂ ਨੂੰ ਰਾਹਤ ਦੇਣ ’ਤੇ ਕੇਂਦਰਿਤ ਸੀ। ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਅਤੇ ਅਪਰਾਧ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਚੰਨੀ ਨੇ ਬਿਜਲੀ ਦੇ ਬਿੱਲਾਂ ਅਤੇ ਹੋਰ ਘਰੇਲੂ ਖਰਚਿਆਂ ਨੂੰ ਲੈ ਕੇ ਵੀ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਿਰਫ਼ ਆਰਥਿਕ ਸਹਾਇਤਾ ਦੇਣ ਨਾਲ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਜੋਗਿੰਦਰ ਪਾਲ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਜਾਣਾ ਹੋਵੇਗਾ ਅਤੇ ਪਿੰਡ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਉਠਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਸਿਰਫ਼ ਚੋਣਾਂ ਦੇ ਸਮੇਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਲਗਾਤਾਰ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾਵੇਗਾ।