ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਲੋੜ : ਰਾਜੇਸ਼ ਕੁੱਦਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਲੋੜ: ਰਾਜੇਸ਼ ਕੁਮਾਰ ਕੁੱਦਾ
Publish Date: Sun, 22 Nov 2026 03:32 PM (IST)
Updated Date: Mon, 23 Nov 2026 04:01 AM (IST)
ਜੀਆਰਪੀ- ਸਰਪੰਚ ਰਾਜੇਸ਼ ਕੁਮਾਰ ਕੁੱਦਾ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਕਸਬਾ ਤਾਰਾਗੜ੍ਹ ਦੇ ਸਮਾਜ ਸੇਵੀ ਸਰਪੰਚ ਰਾਜੇਸ਼ ਕੁਮਾਰ ਕੁੱਦਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਹਲਕਾ ਭੋਆ ’ਚ ਕੈਬਨਿਟ ਮੰਤਰੀ ਤੇ ਹਲਕੇ ਦੇ ਵਿਧਾਇਕ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਰਪੰਚ ਰਾਜੇਸ਼ ਕੁਮਾਰ ਕੁੱਦਾ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਜਾਈ ਲਈ ਨਿਰਵਿਘਨ ਪਾਣੀ ਮੁਹੱਈਆ ਕਰਵਾਉਣ ਵਾਸਤੇ ਰਜਵਾਹਿਆਂ ਅਤੇ ਖਾਲਿਆਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਪਾਣੀ ਦੀ ਘਾਟ ਕਾਰਨ ਪ੍ਰਭਾਵਿਤ ਰਹਿੰਦੀਆਂ ਜ਼ਮੀਨਾਂ ਨੂੰ ਵੀ ਸਿੰਜਾਈ ਦੀ ਸਹੂਲਤ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਸਿੱਧਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲ ਚੰਦ ਕਟਾਰੂਚੱਕ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਅਤੇ 1500 ਰੁਪਏ ਦੇਣ ਦੀ ਯੋਜਨਾ ਅਤੇ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਦੇਣ ਵੱਲ ਅਹਿਮ ਕਦਮ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ, ਕਿਉਂਕਿ ਨੌਜਵਾਨਾਂ ਦਾ ਸੁਨਹਿਰੀ ਭਵਿੱਖ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੈ।