ਖਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਤਿਹਾਸਕ ਸਥਾਨਾਂ ਦਾ ਦੌਰਾ
ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਵੱਲੋਂ ਇਤਿਹਾਸਕ ਸਥਾਨਾਂ ਦਾ ਦੌਰਾ
Publish Date: Sat, 28 Feb 2026 05:26 PM (IST)
Updated Date: Sun, 01 Mar 2026 04:05 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਅਤੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੂੰ ਕਲਾਨੌਰ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਗਿਆ ਗਿਆ। ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਤੋਂ ਹੋਏ ਆਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਸਥਾਨਕ ਇਤਿਹਾਸ ਅਤੇ ਵਿਰਾਸਤ ਬਾਰੇ ਜਾਣਕਾਰੀ ਪ੍ਰਦਾਨ ਕਰਨ ਹਿੱਤ ਇਹ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਖ਼ਤ-ਏ-ਅਕਬਰੀ ਦਾ ਦੌਰਾ ਕੀਤਾ ਗਿਆ, ਜਿੱਥੇ 1556 ਈ: ਵਿੱਚ ਅਕਬਰ ਦੀ ਤਾਜਪੋਸ਼ੀ ਕੀਤੀ ਗਈ ਸੀ। ਕਾਲਜ ਦੇ ਇਤਿਹਾਸ ਵਿਭਾਗ ਦੇ ਪ੍ਰੋ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਇਤਿਹਾਸਕ ਸਥਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਿਲੇਬਸ ਅਨੁਸਾਰ ਮੁਗਲ ਕਾਲ ਨਾਲ ਸਬੰਧਤ ਮਹੱਤਵਪੂਰਨ ਤੱਥਾਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ, ਕਲਾਨੌਰ ਦੇ ਦਰਸ਼ਨ ਕਰਵਾਏ ਅਤੇ ਇਥੋਂ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਜੋਕੇ ਸਮੇਂ ਵਿੱਚ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਅਜਿਹੀਆਂ ਯਾਤਰਾਵਾਂ ਨਾਲ ਵਿਦਿਆਰਥੀਆਂ ਦੀ ਇਤਿਹਾਸ ਪ੍ਰਤੀ ਰੁਚੀ ਵਧਦੀ ਹੈ ਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ।