ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਬੀਡੀਓ ਦਫ਼ਤਰ ਦੋਰਾਂਗਲਾ ਮੂਹਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
Publish Date: Thu, 19 Nov 2026 03:23 PM (IST)
Updated Date: Thu, 19 Nov 2026 03:25 PM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ ਦੋਰਾਂਗਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬੀਡੀਓ ਦਫ਼ਤਰ ਦੋਰਾਂਗਲਾ ਦੇ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਦੀ ਅਗਵਾਈ ਕਰਦਿਆਂ ਜ਼ੋਨ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿੰਡ ਸੁਲਤਾਨੀ ਦੇ ਸਾਬਕਾ ਸਰਪੰਚ ਤੇ ਪੰਚਾਇਤੀ ਫੰਡਾਂ ’ਚੋਂ 53 ਲੱਖ ਰੁਪਏ ਦੇ ਗਬਨ ਕੀਤੇ ਜਾਣ ਦੇ ਦੋਸ਼ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਵੀ ਕਈ ਵਾਰ ਬੀਡੀਓ ਦੋਰਾਂਗਲਾ ਨੂੰ ਬੇਨਤੀਆਂ ਕੀਤੀਆਂ ਗਈਆਂ ਸਨ। ਉਸ ਸਮੇਂ ਬੀਡੀਓ ਵੱਲੋਂ ਸਾਬਕਾ ਸਰਪੰਚ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਜਥੇਬੰਦੀ ਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ। ਧਰਨਾ ਸ਼ੁਰੂ ਹੋਣ ਤੋਂ ਬਾਅਦ ਬੀਡੀਓ ਦੋਰਾਂਗਲਾ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਲਿਖਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਵਿੱਚ ਪਿੰਡ ਸੁਲਤਾਨੀ ਵਿਖੇ ਹੋਏ ਸਰਕਾਰੀ ਵਿਕਾਸ ਕਾਰਜਾਂ ਦੀ ਪੈਮਾਇਸ਼ ਕਰਵਾ ਕੇ ਜਾਂਚ ਕਰਨ ਅਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਸਾਬਕਾ ਸਰਪੰਚ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਹੋਵੇਗੀ। ਪਰ ਜਥੇਬੰਦੀ ਦੇ ਆਗੂਆਂ ਅਨੁਸਾਰ ਦਫ਼ਤਰ ਵੱਲੋਂ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਰੋਸ ਹੋਰ ਵਧ ਗਿਆ ਅਤੇ ਉਨ੍ਹਾਂ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬੀਡੀਓ ਵੱਲੋਂ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਅਤੇ ਪੰਚਾਇਤੀ ਫੰਡਾਂ ਦੇ 53 ਲੱਖ ਰੁਪਏ ਦਾ ਹਿਸਾਬ ਲੈਣ ਲਈ ਜਾਂਚ ਤੇ ਕਾਰਵਾਈ ਯਕੀਨੀ ਬਣਾਉਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਅਨੂਪ ਸਿੰਘ ਤੋਂ ਇਲਾਵਾ ਕੁਲਜੀਤ ਸਿੰਘ ਹਯਾਤ ਨਗਰ, ਜਤਿੰਦਰ ਸਿੰਘ ਵਰਿਆਂ, ਗੁਰਪ੍ਰੀਤ ਸਿੰਘ, ਸੋਹਣ ਸਿੰਘ, ਰਮਨਜੀਤ ਕੌਰ, ਕੁਲਵੰਤ ਕੌਰ ਕਾਲਾ ਨੰਗਲ, ਵੱਸਣ ਸਿੰਘ ਪੀਰਾਂਬਾਗ, ਦਵਿੰਦਰ ਸਿੰਘ ਖੋਖਰ, ਕੁਲਵਿੰਦਰ ਸਿੰਘ ਦਾਖਲਾ, ਰਾਮ ਮੂਰਤੀ ਉਮਰਪੁਰਾ ਸਮੇਤ ਜ਼ੋਨ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਮਰਦ ਤੇ ਔਰਤਾਂ ਹਾਜ਼ਰ ਸਨ।