ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜੀ : ਸੁਖਬੀਰ ਬਾਦਲ

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ
ਫ਼ਤਹਿਗੜ੍ਹ ਚੂੜੀਆਂ : ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਲੋਧੀਨੰਗਲ ਸਟੇਡੀਅਮ ’ਚ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਹੋਈ। ਰੈਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਦੇਖ ਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਖੁਸ਼ ਦਿਖਾਈ ਦਿੱਤੇ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਮੌਜੂਦਾ ਸਰਕਾਰ ਦੇ ਅਧੀਨ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਉਦਯੋਗਪਤੀਆਂ ਨੂੰ ਪੰਜਾਬ ਤੋਂ ਆਪਣਾ ਕਾਰੋਬਾਰ ਸਮੇਟਣ ਲਈ ਮਜਬੂਰ ਕਰ ਰਹੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਆਪਣੇ ਇਰਾਦੇ ਸਪੱਸ਼ਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਦਿੱਲੀ ਟੀਮ ਨਾਲ ਮਿਲ ਕੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ’ਚ ਰੁੱਝੇ ਹੋਏ ਹਨ। ਪੰਜਾਬ ਦੇ ਲੋਕ ਉਨ੍ਹਾਂ ਦੀਆਂ ਕਾਰਵਾਈਆਂ ਤੋਂ ਜਾਣੂ ਹਨ ਅਤੇ 2027 ਦੀਆਂ ਚੋਣਾਂ ’ਚ ਦਿੱਲੀ ਲਾਣੇ ਨੂੰ ਵਾਪਸ ਭੇਜ ਦੇਣਗੇ ਅਤੇ ਪੰਜਾਬ ’ਚ ਮੁੜ ਅਕਾਲੀ ਦਲ ਦੀ ਸਰਕਾਰ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦਿਆਂ ਔਰਤਾਂ ਲਈ ਐਲਾਨ ਕੀਤੀ ਰਾਸ਼ੀ ਸਿਰਫ ਇੱਕ ਚੋਣ ਸਟੰਟ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ, 12 ਘੰਟੇ ਲਗਾਤਾਰ ਬਿਜਲੀ ਸਪਲਾਈ ਮਿਲੇਗੀ, 30 ਕਿਲੋ ਪ੍ਰਤੀ ਜੀਅ ਦੇ ਹਿਸਾਬ ਲਾਲ 4 ਰੁਪਏ ਕਿਲੋ ਕਣਕ ਤੇ 20 ਰੁਪਏ ਕਿਲੋ ਦਾਲ ਦਿਆਂਗੇ, ਇਕ ਲੱਖ ਰੁਪਏ ਸ਼ਗਨ ਸਕੀਮ ਤਹਿਤ ਧੀਆਂ ਦੇ ਵਿਆਹ ਮੌਕੇ ਦਿੱਤੇ ਜਾਣਗੇ, ਹਰ ਜ਼ਿਲ੍ਹੇ ’ਚ ਇਕ ਮੈਡੀਕਲ ਕਾਲਜ ਤੇ ਇਕ ਵੈਟਰਨਰੀ ਕਾਲਜ ਖੋਲ੍ਹਿਆ ਜਾਵੇਗਾ। ਜਨਸੈਲਾਬ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨਕਾਲ ਵਿਚ ਹਰ ਵਰਗ ਦੁਖੀ ਹੋਇਆ ਪਿਆ ਹੈ। ਉਨ੍ਹਾਂ ਆਪ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਇਕ ਕੁਰਸੀ ਦੀ ਖਾਤਿਰ ਪੰਜਾਬ ਦੇ ਸਾਰੇ ਹਿੱਤਾਂ ਨੂੰ ਵੇਚਣ ਲਈ ਤਿਆਰ ਹੋ ਗਈ ਹੈ ਅਤੇ ਹਰਿਆਣਾ ਰਾਜ ਵਾਲਿਆਂ ਨੂੰ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਕਹਿ ਰਿਹਾ ਹੈ। ਉਨ੍ਹਾਂ ਸਟੇਜ ਤੋਂ ਮੁੱਖ ਮੰਤਰੀ ਵਲੋਂ ਸਕੂਲਾਂ/ਕਾਲਜਾਂ ’ਚ ਪੜ੍ਹਦੀਆਂ ਲੜਕੀਆਂ ’ਤੇ ਕੱਸੇ ਜਾਂਦੇ ਵਿਅੰਗਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਸ਼ਾਸਨਕਾਲ ਵਿਚ ਪੁਲਸ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੱਧ ਤੋਂ ਵੱਧ ਪ੍ਰਕਾਸ਼ ਸਿੰਘ ਬਾਦਲ ਵਲੋਂ ਸੁੱਖ ਸਹੂਲਤਾਂ ਦੇ ਕੇ ਨਿਵਾਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ 5 ਲੱਖ ਕਰੋੜ ਦਾ ਕਰਜ਼ਾਈ ਕਰ ਦਿੱਤਾ ਹੈ। ਅੰਤ ਵਿਚ ਲਖਬੀਰ ਸਿੰਘ ਲੋਧੀਨੰਗਲ, ਕੰਵਰਮਨਦੀਪ ਸਿੰਘ ਜਿੰਮੀ ਲੋਧੀਨੰਗਲ, ਕੰਵਰ ਸੰਦੀਪ ਸਿੰਘ ਸੰਨੀ ਲੋਧੀਨੰਗਲ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।