ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ’ਚ ਕਾਨੂੰਨ ਵਿਵਸਥਾ ਬਹਾਲ ਕੀਤੀ ਜਾਵੇਗੀ : ਹੀਰਾ ਵਾਲੀਆ ਹੀਰਾ ਵਾਲੀਆ। ਹੀਰਾ ਵਾਲੀਆ।
Publish Date: Mon, 28 Sep 2026 04:59 PM (IST)
Updated Date: Mon, 28 Sep 2026 05:03 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਦੇ ਨਾਲ-ਨਾਲ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ ਅਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪਰਿਵਾਰਾਂ ਅਤੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਪੰਜਾਬ ਸਰਕਾਰ ’ਤੇ ਨਿਸ਼ਾਨਾ ਕੱਸਦਿਆਂ ਹੀਰਾ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਗਿਆ ਹੈ ਤੇ ਇਸ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋੜੀਂਦੇ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੂੰ ਸੂਬੇ ਭਰ ’ਚ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨੌਜਵਾਨਾਂ ਦਾ ਭਵਿੱਖ ਸੂਬੇ ਦੇ ਅਹਿਮ ਮੁੱਦੇ ਹਨ। ਇਸ ਲਈ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਅਮਨ ਸ਼ਾਂਤੀ ਦਾ ਮਾਹੌਲ ਕਾਇਮ ਕੀਤਾ ਜਾਵੇਗਾ।