ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਮਿਲੇਗਾ 25 ਲੱਖ ਰੁਪਏ ਦਾ ਇਨਾਮ-ਕੈਬਨਿਟ ਮੰਤਰੀ ਰੰਧਾਵਾ

08ਜੀਆਰਪੀਪੀਬੀ03

ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ।

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕਰ ਰਹੀ ਹੈ ਵਿਸ਼ੇਸ ਉਪਰਾਲੇ

ਕੈਬਨਿਟ ਵਜ਼ੀਰ ਰੰਧਾਵਾ ਨੇ ਜ਼ਿਲਾ ਵਾਸੀਆਂ ਨੂੰ 10 ਦਸੰਬਰ ਨੂੰ ਸਵੇਰੇ 10 ਵਜੇ ਡੇਰਾ ਬਾਬਾ ਨਾਨਕ ਵਿਖੇ ਪੁਹੰਚ ਕੇ ਕਬੱਡੀ ਮੈਚ ਵੇਖਣ ਦੀ ਕੀਤੀ ਅਪੀਲ

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ 10 ਦਸੰਬਰ ਨੂੰ ਹੋਣ ਵਾਲੇ 'ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ-2019' ਦੇ ਫਾਈਨਲ ਮੁਕਾਬਲਾ ਜਿੱਤਣ ਵਾਲੀ ਟੀਮ ਨੂੰ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਦਾ ਇਨਾਮ ਅਤੇ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ 10 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣਗੇ। ਸ. ਰੰਧਾਵਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ ਦੇ ਫਾਈਨਲ ਮੈਚ ਦੇਖਣ ਲਈ ਡੇਰਾ ਬਾਬਾ ਨਾਨਕ ਵਿਖੇ ਵੱਧ ਤੋਂ ਵੱਧ ਪੁਹੰਚਣ।

ਰੰਧਾਵਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਪਹਿਲੇ, ਦੂਸਰੇ, ਤੀਸਰੇ ਤੇ ਚੋਥੇ ਸਥਾਨ ਲਈ ਵੱਖ-ਵੱਖ ਦੇਸ਼ਾਂ ਦੀ ਟੀਮਾਂ ਵਿਚਕਾਰ ਮੁਕਾਬਲੇ ਹੋਣਗੇ। ਡੇਰਾ ਬਾਬਾ ਨਾਨਕ ਵਿਖੇ ਭਾਰਤ, ਅਮਰੀਕਾ, ਕੈਨੇਡਾ, ਸ੍ਰੀ ਲੰਕਾ, ਨਿਯੂਜੀਲੈਂਡ, ਕੀਨੀਆ, ਇੰਗਲੈਂਡ, ਆਸਟਰੇਲੀਆ ਦੀ ਟੀਮਾਂ ਪੁਹੰਚ ਰਹੀਆਂ ਹਨ। ਉਨਾਂ ਦੱਸਿਆ ਕਿ ਖੇਡ ਪ੍ਰਰੇਮੀਆਂ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਮੈਚ ਵੇਖਣ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਮੈਚ ਦੇਖਣ ਲਈ ਕੋਈ ਫੀਸ ਨਹੀਂ ਹੈ।

ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਤੇ ਨੌਜਵਾਨਾਂ ਨੂੰ ਖੇਡ ਸੱਭਿਅਚਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ 2019 ਕਰਵਾਉਣਾ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਇਕ ਵਿਸ਼ੇਸ ਕਦਮ ਹੈ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰਰੇਰਿਤ ਹੋਣ।

ਜ਼ਿਕਰਯੋਗ ਹੈ ਕਿ ਇਸ ਮੌਕੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਨਾਮਵਰ ਕਲਾਕਾਰ ਗੁਰਲੇਜ ਅਖਤਰ , ਜਸਬੀਰ ਜੱਸੀ, ਤੇ ਸਤਿੰਦਰ ਸੱਤੀ ਸਮੇਤ ਵੱਖ ਵੱਖ ਕਲਾਕਾਰ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਖੇਡ ਸਟੇਡੀਅਮ ਵਿਖੇ ਸਵੇਰੇ 10 ਵਜੇ ਤੋਂ ਸੱਭਿਆਚਾਰਕ ਸਮਾਗਮ ਪੇਸ਼ ਕਰਨਗੇ।