ਪਵਨ ਤੇ੍ਹਨ, ਬਟਾਲਾ

ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਗਏ ਲੱਕ ਤੋੜ ਵਾਧੇ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਐੱਸਡੀਐੱਮ ਬਟਾਲਾ ਦੇ ਰਾਂਹੀ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਜਿਸਦੀ ਅਗਵਾਈ ਤਹਿਸੀਲ ਪ੍ਰਧਾਨ ਵਿਰਗਟ ਖਾਨਫੱਤਾ ਨੇ ਕੀਤੀ। ਇਸ ਸਮੇਂ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਤੇ ਪ੍ਰਰਾਈਵੇਟ ਕਾਲਜਾਂ ਦੀਆਂ ਫੀਸਾਂ 'ਚ ਵਾਧੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਉਕਤ ਫੈਸਲੇ ਨਾਲ ਇੱਕੋ ਝਟਕੇ ਵਿੱਚ ਹੀ ਸੂਬੇ ਦੇ ਭਾਰੀ ਗਿਣਤੀ ਹੋਣਹਾਰ ਵਿਦਿਆਰਥੀ ਮੈਡੀਕਲ ਸਿੱਖਿਆ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਫੈਸਲੇ ਕੇਂਦਰ ਦੀ ਮੋਦੀ ਸਰਕਾਰ ਅਤੇ ਵੱਖੋ-ਵੱਖ ਰੰਗਾਂ ਦੀਆਂ ਸੂਬਾਈ ਸਰਕਾਰਾਂ ਵੱਲੋਂ ਗਰੀਬਾਂ, ਹਾਸ਼ੀਆਗਤ ਆਬਾਦੀ ਸਮੂਹਾਂ, ਖਾਸ ਕਰਕੇ ਦਲਿਤਾਂ, ਆਦਿਵਾਸੀਆਂ ਨੂੰ ਉੱਚ ਸਿੱਖਿਆ ਤੋਂ ਮਹਿਰੂਮ ਕਰਨ ਦੀਆਂ ਸਾਜਿਸ਼ਾ ਤਹਿਤ ਘੜੇ ਗਏ ਵਿੱਦਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦੇ ਫਾਰਮੂਲੇ ਤਹਿਤ ਕੀਤੇ ਜਾ ਰਹੇ ਹਨ। ਇਸ ਮੌਕੇ ਮੰਗ ਕੀਤੀ ਗਈ ਕਿ ਮੈਡੀਕਲ ਕਾਲਜਾਂ ਦੀਆਂ ਫੀਸ਼ਾਂ ਕੀਤਾ ਵਾਧਾ ਵਾਪਸ ਲਿਆ ਜਾਵੇ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਰਾਹਤ ਪੈਕੇਜ ਦਿੱਤਾ, ਬੇਰੁਜ਼ਗਾਰਾਂ ਨੂੰ 10 ਹਜ਼ਾਰ ਦੀ ਵਿੱਤੀ ਸਹਾਇਤਾ ਹਰ ਮਹੀਨੇ ਦਿੱਤੀ ਜਾਵੇ। ਇਸ ਮੌਕੇ ਪੇ੍ਰਮ ਸਿੰਘ ਘਸੀਟਪੁਰ, ਰੋਸ਼ਨ ਸਿੰਘ ਸ਼ਕਰੀ, ਸ਼ੈਲੀ ਮਸੀਹ ਖਾਨਫੱਤਾ, ਰਾਹੁਲ ਸਹਾਬਪੁਰ, ਬੱਬਾ ਸੈਦ ਮੁਬਾਰਕ, ਹੈਪੀ ਢਡਿਆਲਾ ਨੱਤ, ਅਜਮੇਰ ਸਿੰਘ ਆਦਿ ਹਾਜ਼ਰ ਸਨ।