- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੌਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਲੋਕ ਉਤਸਵ 2026 ਕਰਵਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਪੰਜਾਬ ਲੋਕ ਕਲਾ ਕੇਂਦਰ ਗੁਰਦਾਸਪੁਰ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਸਹਿਯੋਗ ਨਾਲ 15ਵਾਂ ਲੋਕ ਉਤਸਵ ਗੁਰਦਾਸਪੁਰ 2026, ਲੌਰੈਂਸ ਇੰਟਰਨੈਸ਼ਨਲ ਸਕੂਲ, ਬਟਾਲਾ ਦੇ ਕੈਂਪਸ ਵਿਖੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਇਸ ਸ਼ਾਨਦਾਰ ਸੱਭਿਆਚਾਰਕ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਲੋਕ ਕਲਾਕਾਰਾਂ ਨੇ ਆਪਣੀਆਂ ਰਵਾਇਤੀ ਲੋਕ ਨਾਚ ਕਲਾਵਾਂ, ਰੰਗ-ਬਿਰੰਗੇ ਪਹਿਰਾਵਿਆਂ ਅਤੇ ਅਮੀਰ ਸੱਭਿਆਚਾਰਕ ਵਿਰਸੇ ਦੀ ਬੇਮਿਸਾਲ ਝਲਕ ਪੇਸ਼ ਕੀਤੀ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਬਲਜਿੰਦਰ ਸਿੰਘ ਮੱਲਿਆਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰਿੰਸੀਪਲ ਡਾ. ਉਪਮਾ ਮਹਾਜਨ ਅਤੇ ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਵਿੱਚ ਹਰਮਨਜੀਤ ਸਿੰਘ, ਦਮਨਜੀਤ ਸਿੰਘ ਅਤੇ ਸੰਜੀਵ ਸ਼ਾਹ ਸਮੇਤ ਹੋਰ ਪਤਵੰਤਿਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਸਿੱਧ ਮੰਚ ਸੰਚਾਲਕ ਹਰਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦੌਰਾਨ ਵੱਖ-ਵੱਖ ਸੂਬਿਆਂ ਦੀਆਂ ਲੋਕ ਨਾਚ ਕਲਾਵਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਹਿਮਾਚਲ ਪ੍ਰਦੇਸ਼ ਦੇ ਸਿਰਮੌਰੀ ਨਾਟੀ, ਉੱਤਰਾਖੰਡ ਦੇ ਛਪੇਲੀ, ਜੰਮੂ-ਕਸ਼ਮੀਰ ਦੇ ਜਾਗਰਣ ਅਤੇ ਰੌਫ਼, ਹਰਿਆਣਾ ਦੇ ਫਾਗ, ਗੁਜਰਾਤ ਦੇ ਰਵਾਇਤੀ ਗਰਬਾ ਅਤੇ ਡਾਂਗੀ ਕਬਾਇਲੀ ਨਾਚ ਅਤੇ ਪੰਜਾਬ ਦੇ ਰਵਾਇਤੀ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਸੱਭਿਆਚਾਰਕ ਸਮਾਗਮ ਵਿੱਚ ਲੌਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜਿੰਦਰ ਸਿੰਘ ਮੱਲਿਆਵਾਲ ਨੇ ਅਜਿਹੇ ਸੱਭਿਆਚਾਰਕ ਸਮਾਗਮਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਲੋਕ ਕਲਾਵਾਂ ਅਤੇ ਦੇਸ਼ ਦੀ ਅਮੀਰ ਵਿਰਾਸਤ ਨਾਲ ਜੋੜਨਾ ਸਮੇਂ ਦੀ ਲੋੜ ਹੈ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਅਤੇ ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਦੇਸ਼ ਦੀਆਂ ਵੱਖ-ਵੱਖ ਸੱਭਿਆਚਾਰਕ ਪਰੰਪਰਾਵਾਂ ਪ੍ਰਤੀ ਸਤਿਕਾਰ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਕਰਦੇ ਹਨ।