- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡਮ ਅਦੀਬਾ ਅਨਮ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਗੁਰਦਾਸਪੁਰ : ਅੱਜ ਜ਼ਿਲ੍ਹਾ ਪੱਧਰ 'ਤੇ ਸੰਵਿਧਾਨ ਦਿਵਸ ਮਨਾਇਆ। ਮੈਡਮ ਅਦੀਬਾ ਅਨਮ ਜੀਏ (ਯੂਟੀ) ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਏ ਗਏ ਸੰਵਿਧਾਨ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ, ਜਿਸ ’ਚ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਤੋਂ ਬਿਨਾਂ ਇਹ ਪ੍ਰਣ ਵੀ ਲਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਬੱਧ ਰਹਾਂਗੇ। ਉਨ੍ਹਾਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ। ਇਸ ਮੌਕੇ ਡੀਐੱਸਪੀ ਸ਼ਹਿਬਾਜ ਸਿੰਘ, ਸੁਪਰਿੰਟੈਂਡੈਂਟ ਵਿਜੇ ਕੁਮਾਰ, ਸਰਬਜੀਤ ਸਿੰਘ ਮੁਲਤਾਨੀ, ਵਿਨੋਦ ਭਾਟੀਆ ਸਮੇਤ ਹੋਰ ਵੀ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।