ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ 20 ਤੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ 20 ਤੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
Publish Date: Thu, 19 Nov 2026 04:40 PM (IST)
Updated Date: Thu, 19 Nov 2026 04:42 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ/ਸ੍ਰੀ ਹਰਗੋਬਿੰਦਪੁਰ ਸਾਹਿਬ : ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ 20 ਨਵੰਬਰ ਤੋਂ ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ ’ਤੇ ਸਥਿਤ ਬਬਰੀ ਬਾਈਪਾਸ, ਗੁਰਦਾਸਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਹੋਈ ਮੀਟਿੰਗ ਦੌਰਾਨ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ, ਬਾਬਾ ਕਸ਼ਮੀਰ ਸਿੰਘ ਤੁਗਲਵਾਲ ਅਤੇ ਸੋਨੂੰ ਚੱਢਾ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਪਿਛਲੇ ਸਾਲ ਦੀ ਗੰਨੇ ਦੀ ਫ਼ਸਲ ਦੀ ਅਦਾਇਗੀ ਅਜੇ ਤੱਕ ਪੂਰੀ ਤਰ੍ਹਾਂ ਨਹੀਂ ਮਿਲੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਗੰਨੇ ਦੀ ਨਵੀਂ ਕੀਮਤ ਦਾ ਐਲਾਨ ਵੀ ਨਹੀਂ ਕੀਤਾ ਗਿਆ ਅਤੇ ਨਾ ਹੀ ਗੰਨਾ ਮਿੱਲਾਂ ਚਲਾਉਣ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਗਿਆ ਹੈ।ਕਿਸਾਨ ਜਥੇਬੰਦੀ ਦੀ ਮੁੱਖ ਮੰਗ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਲਈ ਦਿੱਤੀ ਜਾਣ ਵਾਲੀ ਰਕਮ ਕਿਸਾਨਾਂ ਨੂੰ ਵੱਖ-ਵੱਖ ਕਾਊਂਟਰਾਂ ਦੀ ਬਜਾਏ ਇੱਕੋ ਕਾਊਂਟਰ ਤੋਂ ਇਕਮੁਸ਼ਤ ਅਤੇ ਸਮੇਂ ਸਿਰ ਅਦਾ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਹੀ ਫ਼ਸਲ ਦੀ ਅਦਾਇਗੀ ਲੈਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਆਗੂਆਂ ਨੇ ਕਿਹਾ ਕਿ ਗੰਨੇ ਦੀ ਨਵੀਂ ਕੀਮਤ ਤੁਰੰਤ ਨਿਰਧਾਰਤ ਕੀਤੀ ਜਾਵੇ, ਪਿਛਲੇ ਸਾਲ ਦੇ ਬਕਾਏ ਜਾਰੀ ਕੀਤੇ ਜਾਣ ਅਤੇ ਗੰਨਾ ਮਿੱਲਾਂ ਚਲਾਉਣ ਬਾਰੇ ਸਰਕਾਰ ਵੱਲੋਂ ਜਲਦ ਫ਼ੈਸਲਾ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 20 ਨਵੰਬਰ ਨੂੰ ਬੱਬਰੀ ਬਾਈਪਾਸ ਵਿਖੇ ਲਗਾਇਆ ਜਾਣ ਵਾਲਾ ਅਣਮਿੱਥੇ ਸਮੇਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ।