ਜ਼ਿਲ੍ਹਾ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 916 ਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ ਜ਼ਿਲ੍ਹਾ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 916 ਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
Publish Date: Sun, 06 Sep 2026 04:24 PM (IST)
Updated Date: Sun, 06 Sep 2026 04:25 PM (IST)
ਪਲਵਿੰਦਰ ਸਿੰਘ, ਪੰਜਾਬੀ ਜਾਗਰਣ ਗੁਰਦਾਸਪੁਰ: ਸੂਬੇ ਵਿੱਚ ਜਾਰੀ ਨਸ਼ੇ ਵਿਰੁੱਧ ਜੰਗ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 1 ਕਿਲੋ 916 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਰਾਜਿੰਦਰ ਮਿੰਹਾਸ ਨੇ ਦੱਸਿਆ ਕਿ ਐੱਸਐੱਸਪੀ ਆਦਿੱਤਿਆ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਅਤੇ ਥਾਣਾ ਦੋਰਾਂਗਲਾ ਦੀ ਪੁਲਿਸ ਪਾਰਟੀ ਨੇ ਇਸਲਾਮਪੁਰ ਪੁਲੀ ਕੋਲ ਨਾਕਾਬੰਦੀ ਦੌਰਾਨ ਇੱਕ ਮੁਲਜ਼ਮ ਨੂੰ ਕਾਬੂ ਕੀਤਾ। ਉਸ ਦੀ ਤਲਾਸ਼ੀ ਦੌਰਾਨ 1 ਕਿਲੋ 103 ਗ੍ਰਾਮ ਹੈਰੋਇਨ (ਦੋ ਪੈਕਟ) ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਦੋਰਾਂਗਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨੇ ਇਹ ਹੈਰੋਇਨ ਡ੍ਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਕਰਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਇਸਲਾਮਪੁਰ ਥਾਣਾ ਦੋਰਾਂਗਲਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਦੋਰਾਂਗਲਾ ਵਿੱਚ ਪਹਿਲਾਂ ਵੀ ਲੜਾਈ-ਝਗੜੇ ਦਾ ਮਾਮਲਾ ਦਰਜ ਹੈ। ਇਸੇ ਮੁਹਿੰਮ ਤਹਿਤ ਥਾਣਾ ਦੀਨਾਨਗਰ ਦੀ ਪੁਲਿਸ ਪਾਰਟੀ ਨੇ ਪਨਿਆੜ ਕੋਲ ਨਾਕਾਬੰਦੀ ਦੌਰਾਨ ਸਕੂਟੀ ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਉਨ੍ਹਾਂ ਦੀ ਤਲਾਸ਼ੀ ਦੌਰਾਨ 548 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਦੀਨਾਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਚੰਗਾਲੀ ਕਦੀਮ, ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਅਤੇ ਗੁਰਪ੍ਰੀਤ ਸਿੰਘ ਵਾਸੀ ਚੰਗਾਲੀ ਕਦੀਮ, ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਬੜੀਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਹਿਲਾਂ ਤੋਂ ਹੀ ਐੱਨਡੀਪੀਐੱਸ ਦਾ ਮਾਮਲਾ ਦਰਜ ਹੈ। ਉੱਥੇ ਹੀ ਗੁਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਹਿਲਾਂ ਤੋਂ ਲੜਾਈ-ਝਗੜੇ ਦਾ ਮਾਮਲਾ ਦਰਜ ਹੈ। ਡੀਐੱਸਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਤਿੱਬੜ ਦੀ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਦੀ ਸ਼ੱਕ ਦੇ ਆਧਾਰ ਤੇ ਚੈਕਿੰਗ ਕੀਤੀ। ਗੱਡੀ ਵਿੱਚ ਸਵਾਰ ਨੌਜਵਾਨ ਕੋਲੋਂ 265 ਗ੍ਰਾਮ ਹੈਰੋਇਨ, 4100 ਰੁਪਏ ਦੀ ਡਰੱਗ ਮਨੀ, ਇੱਕ ਆਈਫੋਨ ਅਤੇ ਇੱਕ ਕੰਪਿਊਟਰ ਕੰਡਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਲਵਦੀਪ ਸਿੰਘ ਉਰਫ਼ ਲਾਲਾ ਵਾਸੀ ਹਸਨਪੁਰ ਕਲਾਂ, ਥਾਣਾ ਸਦਰ ਬਟਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਕਰਕੇ ਉਸ ਤੋਂ ਡੂੰਘੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਤਸਕਰੀ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਨੂੰ ਖੋਜਿਆ ਜਾਵੇਗਾ। ਸਾਰੇ ਮਾਮਲਿਆਂ ਦੀ ਅੱਗੇ ਦੀ ਜਾਂਚ ਜਾਰੀ ਹੈ।