ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਭਟੋਆ ਵਿੱਚ ਬਣੀ ਗੈਰ-ਅਧਿਕਾਰਤ ਕਲੋਨੀ 'ਤੇ ਚੱਲਿਆ ਪੀਲਾ ਪੰਜਾ
ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਭਟੋਆ ਵਿੱਚ ਬਣੀ ਗੈਰ-ਅਧਿਕਾਰਤ ਕਲੋਨੀ 'ਤੇ ਚੱਲਿਆ ਪੀਲਾ ਪੰਜਾ
Publish Date: Fri, 05 Jun 2026 04:05 PM (IST)
Updated Date: Fri, 05 Jun 2026 04:08 PM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਸੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪਹਿਲਾਂ ਵੀ ਗੈਰ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਸਮੇਂ-ਸਮੇਂ ਤੇ ਗੈਰ-ਕਾਨੂੰਨੀ ਨਿਰਮਾਣ ਢਾਹਿਆ ਗਿਆ ਸੀ। ਇਸੇ ਕੜੀ ਵਿੱਚ ਸ਼ੁੱਕਰਵਾਰ ਨੂੰ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਵੱਲੋਂ ਰੈਗੂਲੇਟਰੀ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਵੱਡੀ ਕਾਰਵਾਈ ਕਰਦਿਆਂ ਪਿੰਡ ਭਟੋਆ ਵਿੱਚ ਪਾਪਰਾ ਐਕਟ 1995 ਦੀ ਉਲੰਘਣਾ ਕਰਕੇ ਹੋਂਦ ਵਿੱਚ ਲਿਆਂਦੀ ਗਈ ਗੈਰ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ। ਏਡੀਸੀ ਢਿੱਲੋਂ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਕੰਟਰੋਲ ਕਰਨ ਲਈ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਭਟੋਆ ਵਿੱਚ ਵਿਕਸਤ ਕੀਤੀ ਗਈ ਗੈਰ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਕੇ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਗੈਰ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੇ ਨਿਰਦੇਸ਼ਾਂ ਦੀ ਪਰਵਾਹ ਨਾ ਕਰਦਿਆਂ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗੈਰ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਖਿਲਾਫ ਪਾਪਰਾ ਐਕਟ-1995 ਦੇ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਵਿਕਸਤ ਕੀਤੀਆਂ ਜਾ ਰਹੀਆਂ ਗੈਰ-ਅਧਿਕਾਰਤ ਕਲੋਨੀਆਂ ਅਤੇ ਨਿਰਮਾਣਾਂ ਦਾ ਮੌਕਾ ਚੈੱਕ ਕਰਦਿਆਂ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਵਾਇਆ ਜਾਂਦਾ ਹੈ ਅਤੇ ਸਬੰਧਤ ਥਾਣਾ ਅਧਿਕਾਰੀ ਨੂੰ ਅੱਗੇ ਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੈਰ-ਕਾਨੂੰਨੀ ਕਲੋਨੀਆਂ, ਜੋ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿੱਚ ਪਲਾਟ ਨਾ ਖਰੀਦਣ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਮਾਲ-ਧਨ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਗੈਰ-ਅਧਿਕਾਰਤ ਕਲੋਨੀਆਂ ਅਪਲਾਈ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਂਦਿਆਂ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ, ਨਹੀਂ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ਪ੍ਰਮੋਟਰ ਵਿਭਾਗ ਦੀ ਬਿਨਾਂ ਇਜਾਜ਼ਤ ਲਏ ਕੋਈ ਨਿਰਮਾਣ ਕਰਦਾ ਹੈ, ਤਾਂ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।