ਗੁਰਪ੍ਰਰੀਤ ਸਿੰਘ, ਸੇਖਵਾਂ : ''ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਦੇ ਹੱਕ 'ਚ ਕੀਤੇ ਜਾ ਰਹੇ ਸੰਘਰਸ਼ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਐੱਮਪੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭਾਵੇਂ ਕੋਈ ਸਰਕਾਰ ਹੋਵੇ, ਸਾਰਿਆਂ ਨੇ ਲੋਕਾਂ ਤੋਂ ਵੋਟਾਂ ਬਟੋਰਨ ਦੀ ਰਾਜਨੀਤੀ ਕੀਤੀ ਹੈ। ਵੋਟਾਂ ਤੋਂ ਪਹਿਲਾਂ ਉਨ੍ਹਾਂ ਨਾਲ ਝੂਠੇ ਵਾਅਦੇ ਕੀਤੇ ਜਾਂਦੇ ਹਨ ਬਾਅਦ ਵਿਚ ਅਵਾਮੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ 2017 ਦਾ ਜੋ ਚੋਣ ਮੈਨੀਫੈਸਟੋ ਹੈ ਉਸ ਵਿਚ ਸਪੱਸ਼ਟ ਕੀਤਾ ਸੀ ਕਿ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀ ਆ ਰਹੀਆਂ ਮੰਗਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਮਨਜ਼ੂਰ ਕਰਾਂਗੇ। ਉਨ੍ਹਾਂ ਕਿਹਾ ਕਿ ਦਿੱਲੀ 'ਚ ਸਾਡੀ ਸਰਕਾਰ ਦੇਸ਼ ਦੀ ਸਭ ਤੋਂ ਬਿਹਤਰੀਨ ਸਰਕਾਰ ਹੈ ਜਿਸ ਨੇ ਹਰ ਤਬਕੇ ਦਾ ਖ਼ਿਆਲ ਰੱਖਿਆ ਹੈ। ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਦੀ ਸਰਕਾਰ ਇਨ੍ਹਾਂ ਨੂੰ ਵੋਟਾਂ ਲੈਣ ਨਾਲ ਮਤਲਬ ਹੈ।

ਇਸੇ ਦੌਰਾਨ ਸੀਨੀਅਰ 'ਆਪ' ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਚਾਰ ਸਾਲਾ ਸ਼ਾਸਨ ਕਾਲ ਵਿਚ ਕੋਈ ਵਿਕਾਸ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜਿਸ ਤਰ੍ਹਾਂ ਦਿੱਲੀ ਵਿਚ ਮਾਡਲ ਬਣਾਇਆ ਹੈ ਠੀਕ ਉਵੇਂ ਹੀ ਪੰਜਾਬ ਦਾ ਮਾਡਲ ਤਿਆਰ ਕਰ ਕੇ ਵਿਕਾਸ ਕੀਤਾ ਜਾਵੇਗਾ। ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਕਿ ਦਿੱਲੀ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ।