ਕੁਸ਼ਟ ਰੋਗੀਆਂ ਨਾਲ ਭੇਦਭਾਵ ਨਾ ਕਰੀਏ, ਸਗੋਂ ਉਨ੍ਹਾਂ ਦੀ ਮਦਦ ਕਰੀਏ: ਸਿਵਲ ਸਰਜਨ ਕੁਸ਼ਟ ਆਸ਼ਰਮ ਦੀਨਾਨਗਰ ਵਿਖੇ ਦਵਾਈਆਂ ਤੇ ਫਲ ਵੰਡੇ
Publish Date: Tue, 06 Oct 2026 04:03 PM (IST)
Updated Date: Tue, 06 Oct 2026 04:05 PM (IST)
ਆਕਾਸ਼, ਪੰਜਾਬੀ ਜਾਗਰਣ ਦੀਨਾਨਗਰ: ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਸ਼ਟ ਆਸ਼ਰਮ ਦੀਨਾਨਗਰ ਵਿਖੇ ਕਾਲੋਨੀ ਵਾਸੀਆਂ ਨੂੰ ਦਵਾਈਆਂ ਅਤੇ ਫਲ-ਫਰੂਟ ਵੰਡੇ ਗਏ। ਇਹ ਸਮਾਗਮ ਇਸ ਗਾਂਧੀ ਜਯੰਤੀ ਸਾਡਾ ਸੰਕਲਪ-ਕੋਹੜ ਰੋਗ ਮੁਕਤ ਹੋਵੇ ਸਾਡਾ ਭਾਰਤ ਦੇ ਸੰਦੇਸ਼ ਤਹਿਤ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾਕਟਰ ਵਰਿੰਦਰ ਕੌਰ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੁਸ਼ਟ ਰੋਗੀਆਂ ਨੂੰ ਜ਼ਰੂਰੀ ਦਵਾਈਆਂ ਅਤੇ ਫਲ ਵੰਡੇ ਗਏ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਮਾਈਕੋਬੈਕਟੀਰੀਅਮ ਲੈਪਰੇ ਨਾਮਕ ਬੈਕਟੀਰੀਆ ਕਾਰਨ ਹੁੰਦਾ ਹੈ। ਜੇਕਰ ਕਿਸੇ ਵਿਅਕਤੀ ਦੀ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ ਹੋਣ, ਜਿਨ੍ਹਾਂ ਤੇ ਠੰਢ-ਗਰਮੀ ਦਾ ਅਹਿਸਾਸ ਜਾਸ ਨਾ ਹੋਵੇ, ਤਾਂ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਮਰੀਜ਼ ਨੂੰ ਅਪੰਗਤਾ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੁਸ਼ਟ ਰੋਗੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ, ਸਗੋਂ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਦੇ ਹੋਏ ਹਰ ਸੰਭਵ ਸਹਾਇਤਾ ਕੀਤੀ ਜਾਵੇ। ਲੈਪਰੋਸੀ ਇਰੇਡੀਕੇਸ਼ਨ ਪ੍ਰੋਗਰਾਮ ਤਹਿਤ ਕੁਸ਼ਟ ਆਸ਼ਰਮ ਵਿੱਚ ਰਹਿ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਮੇਂ-ਸਮੇਂ ਤੇ ਸਿਹਤ ਜਾਂਚ ਕੀਤੀ ਜਾਂਦੀ ਹੈ। ਲੋੜ ਅਨੁਸਾਰ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸਤੀਸ਼ ਕੁਮਾਰ, ਅਮਰੀਕ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।