ਕੱਲ੍ਹ ਦੇ ਤੇ 2 ਅਪ੍ਰੈਲ ਦੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਕੀਤੀ ਬੈਠਕ
30 ਮਾਰਚ ਅਤੇ 2 ਅਪ੍ਰੈਲ ਦੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਕੀਤੀ ਬੈਠਕ
Publish Date: Sat, 28 Mar 2026 04:38 PM (IST)
Updated Date: Sun, 29 Mar 2026 04:03 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਕਿਸਾਨ ਆਗੂ ਰਜਿੰਦਰ ਸਿੰਘ ਜਫਰਵਾਲ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਪਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਪ੍ਰਧਾਨ ਬਾਬਾ ਕਵਲਜੀਤ ਸਿੰਘ ਪੰਡੋਰੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਲਾਬ ਸਿੰਘ ਚੰਦੂ ਮਾਝਾ, ਲੋਕ ਇਨਸਾਫ ਮੋਰਚੇ ਤੋਂ ਸੋਨੂੰ ਔਲਖ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਸ਼ਾਮਲ ਹੋਏ। ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਨਿਲਾਮੀਆਂ ਰੋਕਣ ਲਈ 30 ਮਾਰਚ ਨੂੰ ਪ੍ਰਾਇਮਰੀ ਐਗਰੀਕਲਚਰ ਡਿਵੈਲਪਮੈਂਟ ਬੈਂਕ ਗੁਰਦਾਸਪੁਰ ਦੇ ਸਾਹਮਣੇ ਧਰਨਾ ਲਗਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦੇ ਪ੍ਰੋਗਰਾਮ ਅਤੇ 2 ਅਪ੍ਰੈਲ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਫ਼ਸਲਾਂ ਦੇ ਭਾਅ ਲੈਣ, ਐੱਮਐੱਸਪੀ ਦੀ ਗਰੰਟੀ ਕਾਨੂੰਨ ਬਣਾਉਣ, ਕਿਸਾਨ ਮਜ਼ਦੂਰ ਨੂੰ ਕਰਜ਼ਾ ਮੁਕਤ ਕਰਨ, ਸ਼ੰਭੂ ਖਨੌਰੀ ਮੋਰਚੇ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਿੱਪ ਵਾਲੇ ਮੀਟਰ, ਮਨਰੇਗਾ ਦੀ ਬਹਾਲੀ, ਹੜ੍ਹਾਂ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਲੈਣ, ਮੋਰਚੇ ਦੀਆਂ ਸਾਰੀਆਂ ਮੰਗਾਂ ਅਤੇ ਜ਼ਿਲ੍ਹਿਆਂ ਦੀਆਂ ਸਥਾਨਕ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਮ ਮੰਗ-ਪੱਤਰ ਸੌਂਪੇ ਜਾਣ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਆਗੂਆਂ ਅਤੇ ਜ਼ਿਲ੍ਹਾ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਵਿਕਾਸ ਬੈਂਕਾਂ ਦੇ ਡਿਫਾਲਟਰ ਘੋਸ਼ਿਤ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਫ਼ਰੀਦਕੋਟ ਜ਼ਿਲ੍ਹੇ ਦੇ ਦੋ ਸਕੇ ਭਰਾਵਾਂ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੋਰਚਾ ਮੰਗ ਕਰਦਾ ਹੈ ਕਿ ਡਿਫਾਲਟਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਕਿਸੇ ਵੀ ਸੂਰਤ ਵਿੱਚ ਮੋਰਚਾ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਨਹੀਂ ਹੋਣ ਦੇਵੇਗਾ। ਸਰਕਾਰ ਦੇ ਉਕਤ ਫੈਸਲੇ ਦੇ ਵਿਰੁੱਧ 30 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਸਾਰੀਆਂ ਜਥੇਬੰਦੀਆਂ ਦੇ ਕਿਸਾਨ ਗੁਰਦੁਆਰਾ ਬਾਬਾ ਟਹਿਲ ਸਿੰਘ ਜੀ ਵਿਖੇ ਇਕੱਤਰ ਹੋ ਕੇ ਪੈਦਲ ਮਾਰਚ ਕਰਦੇ ਹੋਏ ਲੈਂਡ ਮੋਰਟਗੇਜ ਬੈਂਕ ਦੇ ਸਾਹਮਣੇ ਧਰਨਾ ਦੇਣਗੇ ਅਤੇ ਧਰਨਾ ਦੇਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਜਾਵੇਗਾ। 2 ਅਪ੍ਰੈਲ ਦੇ ਧਰਨੇ ਦਾ ਪ੍ਰੋਗਰਾਮ ਆਉਣ ਵਾਲੇ ਦਿਨਾਂ ਵਿੱਚ ਦੱਸਿਆ ਜਾਵੇਗਾ। ਇਸ ਮੌਕੇ ਹਰਪਾਲ ਸਿੰਘ ਡੇਹਰੀਵਾਲ, ਦਲਜੀਤ ਸਿੰਘ ਸਿੱਧਵਾਂ, ਬਲਵਿੰਦਰ ਸਿੰਘ ਸਿੱਧੂ, ਮਲਕੀਤ ਸਿੰਘ, ਡਾ. ਜਸਵੰਤ ਸਿੰਘ, ਜਸਬੀਰ ਸਿੰਘ ਸਾਹ, ਬਲਵਿੰਦਰ ਸਿੰਘ ਚਾਹਲ, ਦਿਆਲ ਸਿੰਘ, ਨਿਹਾਲ ਸਿੰਘ, ਕਵਲਜੀਤ ਸਿੰਘ ਬਿਧੀਪੁਰ, ਤਰਲੋਕ ਸਿੰਘ ਜਫਰਵਾਲ ਅਤੇ ਸਤਨਾਮ ਸਿੰਘ ਸ਼ਾਮਲ ਰਹੇ।