ਕਾਲਾ ਅਫਗਾਨਾ ’ਚ ਵਪਾਰੀਆਂ ਤੇ ਅਧਿਕਾਰੀਆਂ ਕੀਤੀ ਮੀਟਿੰਗ
ਕਾਲਾ ਅਫਗਾਨਾ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ
Publish Date: Sun, 22 Mar 2026 05:04 PM (IST)
Updated Date: Sun, 22 Mar 2026 05:07 PM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ
ਫਤਹਿਗੜ੍ਹ ਚੂੜੀਆਂ : ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵਪਾਰੀਆਂ ਤੇ ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਕਾਲਾ ਅਫਗਾਨਾ ਵਿਖੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਚੇਅਰਮੈਨ ਗੁਰਪ੍ਰੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਦੁਕਾਨਦਾਰ ਤੇ ਵਪਾਰ ਮੰਡਲ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਮਿਸ਼ਨ ਵੱਲੋਂ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ। ਮੀਟਿੰਗ ਵਿਚ ਵਪਾਰੀਆਂ/ਦੁਕਾਨਦਾਰਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵੱਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਇਆ ਜਾਵੇਗਾ।