ਮੰਡੀਆਂ ’ਚ ਪ੍ਰਬੰਧਾਂ ਨੂੰ ਲੈ ਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਲੈ ਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ
Publish Date: Thu, 17 Sep 2026 04:03 PM (IST)
Updated Date: Thu, 17 Sep 2026 04:05 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਪੰਜਾਬ ਕਿਸਾਨ ਯੂਨੀਅਨ ਦੇ ਵਫ਼ਦ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ਦੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਵਿਕਰੀ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਤੇ ਮੰਡੀਆਂ ਵਿੱਚ ਢੁਕਵੇਂ ਪ੍ਰਬੰਧ ਕਰਨ ਸਬੰਧੀ ਸਬ ਡਿਵੀਜ਼ਨ ਕਲਾਨੌਰ ਦੇ ਐੱਸਡੀਐੱਮ ਲਛਮਣ ਸਿੰਘ ਨੂੰ ਲਿਖਤੀ ਤੌਰ ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਤੇ ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਆਉਣ ਵਾਲੀ ਹੈ ਤੇ ਮੰਡੀਆਂ ਵਿੱਚ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨਾਂ ਦੀ ਖੱਜਲ-ਖ਼ੁਆਰੀ ਨਾ ਹੋਵੇ। ਇਸ ਮੌਕੇ ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਕਾਮਲਪੁਰ, ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਅਗਵਾਈ ਵਿੱਚ ਐੱਸਡੀਐੱਮ ਕਲਾਨੌਰ ਨੂੰ ਮਿਲਿਆ। ਵਫ਼ਦ ਨੇ ਕਿਹਾ ਕਿ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਝੋਨੇ ਦੀ ਆਮਦ ਤੋਂ ਪਹਿਲਾਂ ਖਰੀਦ, ਲਿਫਟਿੰਗ ਤੇ ਭੰਡਾਰਨ ਦੇ ਪੂਰੇ ਪ੍ਰਬੰਧ ਕੀਤੇ ਜਾਣ। ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਤਰਪਾਲਾਂ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਕਿ ਮੌਸਮ ਦੇ ਖ਼ਰਾਬ ਹੋਣ ਵੇਲੇ ਕਿਸਾਨ ਝੋਨੇ ਨੂੰ ਬਰਸਾਤ ਤੋਂ ਬਚਾ ਸਕਣ। ਅਸੀਂ ਆਸ ਕਰਦੇ ਹਾਂ ਕਿ ਪ੍ਰਸ਼ਾਸਨ ਕਿਸਾਨਾਂ ਦੀਆਂ ਮੰਗਾਂ ਵੱਲ ਪੂਰਾ ਧਿਆਨ ਦੇਵੇਗਾ। ਵਫ਼ਦ ਵਿੱਚ ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਦੀਪ ਸਿੰਘ ਕਾਮਲਪੁਰ ਅਤੇ ਪਰਸ ਰਾਮ ਕਲਾਨੌਰ ਹਾਜ਼ਰ ਸਨ।