ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼, ਤਿੰਨ ਖ਼ਿਲਾਫ਼ ਕੇਸ ਦਰਜ ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ
Publish Date: Sat, 21 Nov 2026 08:50 PM (IST)
Updated Date: Sat, 21 Nov 2026 08:52 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੱਡੇ ਪੱਧਰ ’ਤੇ ਹੋਈ ਨਾਜਾਇਜ਼ ਮਾਈਨਿੰਗ ਸਬੰਧੀ ਸਰਵੇ ਆਫ਼ ਇੰਡੀਆ ਦੀ ਰਿਪੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਾਈਨਿੰਗ ਵਿਭਾਗ ਨੂੰ ਲਗਾਈ ਗਈ ਫਟਕਾਰ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਨਾਜਾਇਜ਼ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿਛਲੇ ਤਿੰਨ ਦਿਨਾਂ ਦੌਰਾਨ ਪੁਲਿਸ ਵੱਲੋਂ ਤਿੰਨ ਥਾਣਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ। ਇਸੇ ਲੜੀ ਤਹਿਤ ਥਾਣਾ ਤਾਰਾਗੜ੍ਹ ਦੀ ਪੁਲਿਸ ਅਤੇ ਮਾਈਨਿੰਗ ਵਿਭਾਗ ਦੀ ਸਾਂਝੀ ਟੀਮ ਨੇ ਪਿੰਡ ਗੱਜੂ ਖਾਲਸਾ ਵਿਖੇ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਬੇਨਕਾਬ ਕੀਤਾ। ਇਸ ਕਾਰਵਾਈ ਦੌਰਾਨ ਮੌਕੇ ਤੋਂ ਦੋ ਜੇਸੀਬੀ ਮਸ਼ੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਅਤੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਤਾਰਾਗੜ੍ਹ ਦੇ ਏਐੱਸਆਈ ਨਿਰਮਲਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਥਾਣਾ ਮੁਖੀ ਵੱਲੋਂ ਸੂਚਨਾ ਦਿੱਤੀ ਗਈ ਕਿ ਪਿੰਡ ਗੱਜੂ ਖਾਲਸਾ ਵਿਖੇ ਈਆਰਵੀ ਨੰਬਰ-20 ਦੇ ਪੁਲਿਸ ਮੁਲਾਜ਼ਮਾਂ ਅਤੇ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਚਨਾ ਮਿਲਣ ’ਤੇ ਏਐੱਸਆਈ ਨਿਰਮਲਜੀਤ ਸਿੰਘ ਮੌਕੇ ’ਤੇ ਪਹੁੰਚੇ, ਜਿੱਥੇ ਮਾਈਨਿੰਗ ਇੰਸਪੈਕਟਰ ਸਾਹਿਲ ਸਕੋਲਾ ਆਪਣੀ ਟੀਮ ਸਮੇਤ ਮੌਜੂਦ ਸਨ। ਵਿਭਾਗ ਦੀ ਟੀਮ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਨਾਜਾਇਜ਼ ਮਾਈਨਿੰਗ ਵਾਲੇ ਖੇਤਰ ਦੀ ਪੈਮਾਇਸ਼ ਕੀਤੀ ਅਤੇ ਕਾਰਵਾਈ ਲਈ ਲਿਖਤੀ ਸ਼ਿਕਾਇਤ ਪੁਲਿਸ ਨੂੰ ਸੌਂਪੀ। ਜਾਂਚ ਦੌਰਾਨ ਇਸ ਮਾਮਲੇ ਵਿੱਚ ਬਲਵਾਨ ਸਿੰਘ ਉਰਫ਼ ਭਾਨੂ ਵਾਸੀ ਸੁਕਰੇਤ, ਮਲਕੀਤ ਸਿੰਘ ਵਾਸੀ ਰਕਵਾਲ ਅਤੇ ਅਰਪਨ ਵਾਸੀ ਹਾੜਾ ਦੀ ਸ਼ਮੂਲੀਅਤ ਸਾਹਮਣੇ ਆਈ। ਪੁਲਿਸ ਨੇ ਦੋਵੇਂ ਜੇਸੀਬੀ ਮਸ਼ੀਨਾਂ ਸਬੂਤ ਵਜੋਂ ਕਬਜ਼ੇ ਵਿੱਚ ਲੈ ਕੇ ਤਿੰਨਾਂ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ ਐਕਟ 1957 ਦੀ ਧਾਰਾ 21(1), ਭਾਰਤੀ ਨਿਆਂ ਸੰਹਿਤਾ ਦੀ ਧਾਰਾ 303(2) ਅਤੇ ਵਾਤਾਵਰਣ ਸੁਰੱਖਿਆ ਐਕਟ 1986 ਦੀ ਧਾਰਾ 15 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਮੁਲਜ਼ਮ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।