- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕਲਸੀ ਵਲੋਂ ਲੋਕਾਂ ਨੂੰ ਸਾਫ਼ ਕੀਤੀਆਂ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਬਟਾਲਾ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖ਼ਤਮ ਕਰਨਾ ਅਤੇ ਸੂਬੇ ਭਰ ਵਿੱਚ ਸਾਫ਼-ਸੁਥਰੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਸਫ਼ਾਈ ਮੁਹਿੰਮ ਦੌਰਾਨ ਖੁਦ ਸ਼ਹਿਰ ਦੇ ਅੰਦਰੂਨੀ ਖੇਤਰ ਦਾ ਦੌਰਾ ਕਰਦਿਆਂ ਕੂੜੇ ਦੇ ਢੇਰ ਚੁੱਕਵਾਏ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਅਤੇ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਇਕੱਠੇ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਪੀਲ ਕੀਤੀ ਅਤੇ ਕਿਹਾ ਕਿ ਕੂੜਾ-ਕਰਕਟ ਤੋਂ ਮੁਕਤ ਕੀਤੀਆਂ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚੱਲ ਰਹੀ ‘ਕਲੀਨ ਪੰਜਾਬ’ ਮੁਹਿੰਮ ਦਾ ਉਦੇਸ਼ ਕੇਵਲ ਸੰਵੇਦਨਸ਼ੀਲ ਥਾਵਾਂ ਤੋਂ ਕੂੜੇ ਦੇ ਢੇਰਾਂ ਨੂੰ ਖ਼ਤਮ ਕਰਨਾ ਹੀ ਨਹੀਂ ਸਗੋਂ ਲੋਕਾਂ ਦੇ ਵਿਵਹਾਰ ਵਿੱਚ ਵੀ ਬਦਲਾਅ ਲਿਆਉਣਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਸਾਫ਼ ਕੀਤੀਆਂ ਗਈਆਂ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਕੇ ਸਫ਼ਾਈ ਕਰਮੀਆਂ ਅਤੇ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ।