ਵਿਧਾਇਕ ਕਲਸੀ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਵਿਧਾਇਕ ਕਲਸੀ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੋਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ
Publish Date: Tue, 17 Nov 2026 04:58 PM (IST)
Updated Date: Tue, 17 Nov 2026 05:00 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਆਉੰਦੇ ਲੋਕਾਂ ਨੂੰ ਉਨਾਂ ਦਾ ਮਾਲਕੀ ਦਿਵਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਅਠਵਾਲ ਵਿਖੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਲਕੀਰ ਦੇ ਘੇਰੇ ਵਿੱਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਉਨਾਂ ਦੇ ਨਾਮ ਨਹੀਂ ਸੀ, ਜਿਸ ਕਾਰਨ ਉਨਾਂ ਨੂੰ ਉਹਨਾਂ ਦੀ ਪ੍ਰਾਪਰਟੀ ਦਾ ਕਾਨੂੰਨੀ ਹੱਕ ਨਹੀਂ ਮਿਲਿਆ ਸੀ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਨਾਲ ਲਾਲ ਲਕੀਰ ਦੇ ਵਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਦਮੀ ਇਨ੍ਹਾਂ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਦੀ ਹੈ ਅਤੇ ਇਨ੍ਹਾਂ ਲਈ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਦੀ ਹੈ। ਉਨ੍ਹਾਂ ਨੇ ਕਿਹਾ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਯੋਜਨਾ ਦੇ ਤਹਿਤ ਹੋਰ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ।