- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਚੌਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕਲਸੀ, ਨਾਲ ਹਨ ਮੇਅਰ ਬਾਜਵਾ, ਚੇਅਰਮੈਨ ਚੌਹਾਨ ਤੇ ਹੋਰ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਬਟਾਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਨੂੰ ਨਵਾਂ ਆਯਾਮ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸਿੰਬਲ ਚੌਂਕ ਬਟਾਲਾ ਵਿਖੇ ਨਵੇਂ ਬਣੇ ਵਿਸ਼ਵਕਰਮਾ ਚੌਂਕ ਦਾ ਸ਼ਹਿਰ ਵਾਸੀਆਂ ਦੀ ਅੱਜ ਸ਼ਾਨਦਾਰ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਕਸੀਅਨ ਨਿਰਮਲ ਸਿੰਘ,ਐੱਸਡੀਓ ਰੋਹਿਤ ਉੱਪਲ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿਰਜਣਹਾਰ ਅਤੇ ਕਾਰੀਗਰਾਂ ਦੇ ਆਰਾਧਿਆ ਦੇਵਤਾ ਵਜੋਂ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਨਾਮ 'ਤੇ ਬਣਿਆ ਇਹ ਚੌਂਕ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣੇਗਾ। ਉਨ੍ਹਾਂ ਨੇ ਕਿਹਾ ਕਿ ਇਸ ਚੌਂਕ ਦੀ ਸਥਾਪਨਾ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਬਟਾਲਾ ਇਤਿਹਾਸਕ ਅਤੇ ਉਦਯੋਗਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਅਜਿਹੇ ਪ੍ਰੋਜੈਕਟ ਸ਼ਹਿਰ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਹਿਰ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਯਤਨ ਜਾਰੀ ਰਹਿਣਗੇ। ਇਸ ਮੌਕੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਰ ਵਰਗ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਹਨ ਅਤੇ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਹੈ ਅਤੇ ਕੀਤੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ।