- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰ.44 ਦੇ ਪਿੰਡ ਅੱਲੋਵਾਲ ’ਚ ਵਿਧਾਇਕ ਕਲਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਬੀਤੀ ਸ਼ਾਮ ਵਾਰਡ ਨੰ. 44 ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਜਨਤਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਦੌਰਾਨ ਵਿਧਾਇਕ ਕਲਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਐੱਸਆਈਆਰ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਨਾ ਕੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਸ਼ੱਕ ਹੈ ਕਿ ਵੋਟਾਂ ਕੱਟਣ ਦੀ ਸਾਜ਼ਿਸ਼ ਚੱਲ ਰਹੀ ਹੈ, ਇਸ ਲਈ ਹਰ ਯੋਗ ਵੋਟਰ ਨੂੰ ਸਮੇਂ ਸਿਰ ਆਪਣੀ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ’ਚ ਫੈਸਲਾ ਸੁਣਾਉਂਦੇ ਹੋਏ ਨਗਰ ਨਿਗਮ ’ਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਆਪਣੇ-ਆਪਣੇ ਇਲਾਕੇ ’ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਚੱਠਾ, ਪ੍ਰਿੰਸ ਚੱਠਾ, ਹਰਮਨ ਗਿੱਲ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸ਼ਾਂ ਜਾਰੀ ਰਹਿਣਗੀਆਂ।