ਵਿਧਾਇਕ ਪਾਹੜਾ ਨੇ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ
ਵਿਧਾਇਕ ਪਾਹੜਾ ਨੇ ਕੀਤਾ ਪ੍ਰੇਮ ਨਗਰ ਵਿੱਚ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ
Publish Date: Sat, 28 Mar 2026 04:02 PM (IST)
Updated Date: Sun, 29 Mar 2026 04:00 AM (IST)
ਸਟਾਫ ਰਿਪਰੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਵਿੱਚ ਸ਼ਹਿਰ ਦੇ ਹਰਦੋਛੰਨੀ ਰੋਡ ਉੱਤੇ ਸਥਿਤ ਪ੍ਰੇਮ ਨਗਰ ਵਾਰਡ ਨੰਬਰ 22 ਵਿੱਚ ਗਲੀਆਂ ਨੂੰ ਪੱਕਾ ਕਰਵਾਇਆ ਗਿਆ ਹੈ, ਜਿਸ ਦਾ ਉਦਘਾਟਨ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਵਿਧਾਇਕ ਪਾਹੜਾ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ, ਉਸ ਸਮੇਂ ਪ੍ਰੇਮ ਨਗਰ ਦਾ ਹਾਲ ਬਹੁਤ ਹੀ ਮਾੜਾ ਸੀ। ਉਸ ਸਮੇਂ ਗਲੀਆਂ ਦਾ ਲੈਵਲ ਸੜਕ ਤੋਂ ਬੇਹੱਦ ਹੇਠਾਂ ਸੀ। ਇਸ ਤੋਂ ਬਾਅਦ ਉਨ੍ਹਾਂ ਗਲੀਆਂ ਨੂੰ ਉੱਚਾ ਕਰਵਾਉਣ ਦੇ ਨਾਲ-ਨਾਲ ਪੱਕਾ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜਦੋਂ ਸੱਤਾ ਵਿੱਚ ਕਾਂਗਰਸ ਸਰਕਾਰ ਸੀ ਤਾਂ ਉਸ ਸਮੇਂ ਵਿਕਾਸ ਕਾਰਜਾਂ ਦੀ ਹਨੇਰੀ ਆਈ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਕੋਈ ਵੀ ਵਿਕਾਸ ਕਾਰਜ ਨਹੀਂ ਹੋ ਰਿਹਾ, ਪਰ ਲੋਕਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਬਿਲਕੁਲ ਹੀ ਫੇਲ੍ਹ ਸਾਬਤ ਹੋ ਰਹੀ ਹੈ। ਲੋਕ ਇਸ ਸਰਕਾਰ ਦੇ ਕੰਮਾਂ ਤੋਂ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੁਬਾਰਾ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਉਕਤ ਵਾਰਡ ਦੀਆਂ ਤਿੰਨ ਗਲੀਆਂ ਸੜਕ ਦੇ ਲੈਵਲ ਤੋਂ ਹੇਠਾਂ ਹੋਣ ਕਾਰਨ ਮੀਂਹ ਦੇ ਦਿਨਾਂ ਵਿੱਚ ਜਿੱਥੇ ਪਾਣੀ ਭਰ ਜਾਂਦਾ ਸੀ, ਜਿਸ ਕਾਰਨ ਵਾਰਡ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸੜਕ ਨਾਲ ਲੱਗਦੀਆਂ ਤਿੰਨ ਗਲੀਆਂ ਵਿੱਚ ਮਿੱਟੀ ਪਾ ਕੇ ਇਸ ਦਾ ਲੈਵਲ ਸੜਕ ਦੇ ਬਰਾਬਰ ਕਰਨ ਤੋਂ ਬਾਅਦ ਟਾਇਲਾਂ ਲਗਾ ਕੇ ਪੱਕਾ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।