- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ ਇਕ ਹੋਰ ਵੱਡਾ ਤੋਹਫਾ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਹਲਕਾ ਬਟਾਲਾ ਦੇ ਵਿਧਾੲਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜ਼ਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਨੂੰ ਵਿਕਾਸ ਪੱਖੋਂ ਸੁੰਦਰ ਬਣਾਇਆ ਜਾ ਰਿਹਾ ਹੈ। ਹੁਣ ਵਿਧਾਇਕ ਸ਼ੈਰੀ ਕਲਸੀ ਵੱਲੋਂ ਸ਼ਹਿਰ ਵਾਸੀਆਂ ਨੂੰ ਇਕ ਹੋਰ ਵੱਡਾ ਤੋਹਫਾ ਦਿੰਦੇ ਹੋਏ ਅਤੇ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਸ਼ਹਿਰ ਦੇ ਪ੍ਰਮੁੱਖ ਚੌਕਾਂ ਗਾਂਧੀ ਚੌਕ ਅਤੇ ਕਾਦੀਆਂ ਚੂੰਗੀ ’ਤੇ ਨਵੀਆਂ ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਵੱਲੋਂ ਜਿੱਥੇ ਸ਼ਹਿਰ ਦੀਆਂ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਸ਼ਹਿਰ ’ਚ ਨਵੀਆਂ ਸੜਕਾਂ ਦਾ ਜਾਲ ਵੀ ਵਿਛਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਖਾਸਕਰਕੇ ਗਾਂਧੀ ਚੌਕ ਅਤੇ ਕਾਦੀਆਂ ਚੁੰਗੀ ’ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਟ੍ਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਸ਼ਹਿਰ ਅੰਦਰ ਲਗਾਤਾਰ ਵਿਕਾਸ ਕੰਮ ਜਾਰੀ ਹਨ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕੌਂਸਲਰਾਂ ਵੱਲੋਂ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣਗੀਆਂ।
ਸ਼ਹਿਰ ਦੇ ਸੀਸੀਟੀਵੀ ਕੈਮਰਿਆਂ ਦਾ ਹੋ ਰਿਹਾ ਹੈ ਨੁਕਸਾਨ
ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਸ਼ਹਿਰ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੀਸੀਟੀਵੀ ਕੈਮਰੇ ਲਗਾਏ ਗਏ ਸਨ ਪਰ ਪਿਛਲੇ ਕੁਝ ਦਿਨਾਂ ਤੋਂ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਇਨ੍ਹਾਂ ਕੈਮਰਿਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ਗਾਂਧੀ ਚੌਕ ’ਚ ਕਿਸੇ ਵਿਅਕਤੀ ਵੱਲੋਂ ਸੀਸੀਟੀਵੀ ਕੈਮਰੇ ਦਾ ਮੂੰਹ ਪੂਰਾ ਥੱਲੇ ਨੂੰ ਕੀਤਾ ਹੋਇਆ ਸੀ। ਹੁਣ ਦੇਖਣਾ ਹੋਵੇਗਾ ਕਿ ਕੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕੈਮਰਿਆਂ ਦੀ ਸੁਰੱਖਿਆ ਲਈ ਕੋਈ ਪਹਿਲਕਦਮੀ ਕੀਤੀ ਜਾਂਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।