ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ’ਚ ਸੁਣੀਆਂ ਮੁਸ਼ਕਲਾਂ
ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
Publish Date: Fri, 06 Feb 2026 03:44 PM (IST)
Updated Date: Sat, 07 Feb 2026 03:59 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਓਮ ਪ੍ਰਕਾਸ਼ ਬੈਂਕ ਵਾਲਿਆਂ ਦੇ ਘਰ ਪਹੁੰਚ ਕੇ ਕੈਂਪ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗਾਂਧੀ ਨਗਰ ਕੈਂਪ ਵਿਖੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਗਾਂਧੀ ਨਗਰ ਕੈਂਪ ਵਿਚ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਾ ਰਹੇ। ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਬਟਾਲਾ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।