ਵਿਧਾਇਕ ਤ੍ਰਿਪਤ ਬਾਜਵਾ ਵੱਲੋਂ ਹਲਕੇ 'ਚ ਮੀਟਿੰਗਾਂ ਦਾ ਦੌਰ ਜਾਰੀ ਵਿਧਾਇਕ ਤ੍ਰਿਪਤ ਬਾਜਵਾ ਵੱਲੋਂ ਹਲਕੇ 'ਚ ਮੀਟਿੰਗਾਂ ਦਾ ਦੌਰ ਜਾਰੀ,
Publish Date: Fri, 27 Nov 2026 06:14 PM (IST)
Updated Date: Sat, 28 Nov 2026 04:08 AM (IST)
ਫੋਟੋ: 27ਬੀਟੀਐਲ21 ਇਲਾਕਾ ਵਾਸੀ ਤੇ ਵਰਕਰਾਂ ਨਾਲ ਮੀਟਿੰਗ ਉਪਰੰਤ ਵਿਧਾਇਕ ਤ੍ਰਿਪਤ ਬਾਜਵਾ। ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਪੰਜਾਬ ਦੀਆਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਇਸੇ ਲੜੀ ਤਹਿਤ ਕਾਂਗਰਸੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਾਜਵਾ ਨੇ ਸੂਬੇ ਦੀ ਮੌਜੂਦਾ ਸਰਕਾਰ ਅਤੇ ਅਕਾਲੀ-ਭਾਜਪਾ ਗੱਠਜੋੜ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ, ਵਪਾਰੀ, ਮਜ਼ਦੂਰ ਅਤੇ ਨੌਜਵਾਨ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਦੁਖੀ ਹਨ।ਅਕਾਲੀ-ਭਾਜਪਾ ਗੱਠਜੋੜ ਨੂੰ ਆੜੇ ਹੱਥੀਂ ਲੈਂਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਠਜੋੜ ਨੂੰ ਨਕਾਰ ਚੁੱਕੇ ਹਨ ਅਤੇ ਹੁਣ ਇਨ੍ਹਾਂ ਦੀ ਸੱਤਾ ਵਿੱਚ ਵਾਪਸੀ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ।ਬਾਜਵਾ ਨੇ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਸੂਬੇ ਦੇ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਮੁੜ ਕਾਂਗਰਸ ਦੀ ਸਰਕਾਰ ਬਣੇਗੀ, ਕਿਉਂਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਤੋਰ ਸਕਦੀ ਹੈ। ਉਨ੍ਹਾਂ ਵਰਕਰਾਂ ਨੂੰ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।ਇਸ ਮੌਕੇ ਸਾਬਕਾ ਮੇਅਰ ਬਟਾਲਾ ਸੁਖਪਾਲ ਸਿੰਘ ਤੇਜਾ ਸਮੇਤ ਇਲਾਕੇ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੇ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ। ਅੰਤ ਵਿੱਚ ਵਿਧਾਇਕ ਬਾਜਵਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹਿਣ ਦਾ ਵਾਅਦਾ ਕੀਤਾ।