ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਪੰਡਾਲ 'ਚ ਪੰਗਤ 'ਚ ਬੈਠ ਕੇ ਲੰਗਰ ਛਕਿਆ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਨਾਲ ਪ੍ਰਧਾਨ ਮੰਤਰੀ ਮੰਤਰੀ ਨੇ ਜਨਤਕ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਪੰਡਾਲ 'ਚ ਜਾ ਕੇ ਲੰਗਰ ਛਕਿਆ। ਲਾਂਘੇ ਵੱਲ ਜਾਂਦੇ ਰਾਸਤੇ 'ਤੇ ਚੈੱਕ ਪੋਸਟ ਤੋਂ ਕੁਝ ਪਹਿਲਾਂ ਸੂਬਾ ਸਰਕਾਰ ਵੱਲੋਂ ਪੰਡਾਲ 'ਚ ਲੰਗਰ ਲਗਾਇਆ ਹੋਇਆ ਸੀ।

ਇਸ ਮੌਕੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ, ਰਾਜਪਾਲ, ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਕੇਂਦਰੀ ਫੂਡ ਪ੍ਰਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮਾਰਕਫੈੱਡ ਦੇ ਐੱਮਡੀ ਵਰੁਣ ਰੂਜ਼ਮ, ਮਿਲਕਫੈੱਡ ਦੇ ਐੱਮਡੀ ਕਮਲਦੀਪ ਸਿੰਘ ਸੰਘਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।