ਪਾੜ੍ਹਿਆਂ ਨੂੰ ਪੰਜਾਬੀ ਬੋਲੀ ਦਾ ਸਤਿਕਾਰ ਕਰਨ ਲਈ ਪ੍ਰੇਰਿਆ
ਸੇਂਟ ਥੋਮਸ ਹਾਈ ਸਕੂਲ 'ਚ ਮਾਂ-ਬੋਲੀ ਪੰਜਾਬੀ ਦਿਵਸ ਮਨਾਇਆ
Publish Date: Wed, 23 Sep 2026 04:50 PM (IST)
Updated Date: Wed, 23 Sep 2026 04:54 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਸੇਂਟ ਥੋਮਸ ਹਾਈ ਸਕੂਲ ਮਸਤਕੋਟ ਵਿਖੇ ਫਾਦਰ ਬੀਨੂ ਏਐੱਮ ਅਤੇ ਪ੍ਰਿੰਸੀਪਲ ਸਿਸਟਰ ਸਾਗੁਨਾ ਦੀ ਦੇਖ ਰੇਖ ਹੇਠ ਮਾਂ-ਬੋਲੀ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਪੰਜਾਬੀ ਗੀਤਾਂ ’ਤੇ ਸੁੰਦਰ ਡਾਂਸ, ਭਾਸ਼ਣ ਅਤੇ ਹੋਰ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਇਸ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰਕ ਪਹਿਚਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਅਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਿਸਟਰ ਸਾਗੁਨਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਮਾਂ-ਬੋਲੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਇਸ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਸਮਾਗਮ ਨੇ ਵਿਦਿਆਰਥੀਆਂ ਵਿੱਚ ਆਪਣੀ ਮਾਂ-ਬੋਲੀ ਅਤੇ ਵਿਰਾਸਤ ਪ੍ਰਤੀ ਪਿਆਰ ਅਤੇ ਮਾਣ ਦੀ ਭਾਵਨਾ ਪੈਦਾ ਕੀਤੀ।