- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਝੇ ਤੇ ਬਾਰਡਰ ਦੀਆਂ ਮਾਵਾਂ ਧੀਆਂ ਨਸ਼ਿਆਂ ਦਾ ਅੰਤ ਕਰਕੇ ਰੱਖ ਦੇਣਗੀਆਂ: ਹਰਸਿਮਰਤ ਕੌਰ ਬਾਦਲ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਕਸਬਾ ਕਲਾਨੌਰ ਵਿਖੇ ਮਾਵਾਂ ਧੀਆਂ ਦੀ ਲਲਕਾਰ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਕਰਵਾਈ ਗਈ ਲਲਕਾਰ ਰੈਲੀ ਵਿੱਚ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ ਤੇ ਸੁਖਜਿੰਦਰ ਸਿੰਘ ਲੰਗਾਹ ਦੀ ਅਗਵਾਈ ਹੇਠ ਕਰਵਾਈ ਗਈ ਲਲਕਾਰ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਸੰਬੰਧਿਤ ਮਹਿਲਾਵਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਾਝੇ ਅਤੇ ਬਾਰਡਰ ਦੀਆਂ ਧੀਆਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਲਲਕਾਰ ਰੈਲੀ ਵਿੱਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਕੇ ਸਾਬਤ ਕਰ ਦਿੱਤਾ ਹੈ ਕਿ ਹੁਣ ਮਾਝੇ ਤੇ ਬਾਰਡਰ ਦੀਆਂ ਮਾਵਾਂ ਨਸ਼ਿਆਂ ਦਾ ਅੰਤ ਕਰਕੇ ਰੱਖ ਦੇਣਗੀਆਂ। ਉਨ੍ਹਾਂ ਕਿਹਾ ਕਿ ਅੱਜ ਮਾਈ ਭਾਗੋ ਦੀ ਫ਼ੌਜ ਨੂੰ ਨਸ਼ੇ ਦੇ ਟੀਕੇ ਨਾਲ ਮਰ ਰਹੇ ਪੁੱਤਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਚਾਉਣ ਲਈ ਨਸ਼ਿਆਂ ਦੇ ਖ਼ਿਲਾਫ਼ ਡੱਟ ਕੇ ਖੜ੍ਹ ਜਾਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਅੰਦੋਲਨ ਕਰਕੇ ਨਸ਼ਿਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਮਹਿਲਾਵਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਅੱਗੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਧੀਆਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਲਈ ਇਹ ਮੁਹਿੰਮ ਸ਼ੁਰੂ ਕਰੋ ਤਾਂ ਜੋ ਨਸ਼ੇ ਵੇਚਣ ਵਾਲੇ ਨੌਜਵਾਨ ਪੀੜ੍ਹੀ ਦੇ ਦੁਸ਼ਮਣਾਂ ਨੂੰ ਪਤਾ ਲੱਗ ਸਕੇ ਕਿ ਤੁਸੀਂ ਇਨ੍ਹਾਂ ਦਾ ਟਾਕਰਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੋ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪਿੰਡਾਂ ਵਿੱਚੋਂ ਖ਼ਤਮ ਕਰਨ ਲਈ ਤੁਸੀਂ ਆਪਣੇ ਪਿੰਡਾਂ ਵਿੱਚ ਠੀਕਰੀ ਪਹਿਰੇ ਸ਼ੁਰੂ ਕਰੋ ਤਾਂ ਜੋ ਇਨ੍ਹਾਂ ਨਸ਼ਾ ਤਸਕਰਾਂ ਦਾ ਟਾਕਰਾ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਖ਼ੁਦ ਨਸ਼ਿਆਂ ਦੇ ਖ਼ਿਲਾਫ਼ ਇਸ ਮੁਹਿੰਮ ਦੀ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਸਰਕਾਰ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜਾਏ ਇਸ ਬੁਰਾਈ ਦੇ ਖ਼ਿਲਾਫ਼ ਆਪਣੀ ਗਾਰੰਟੀ ਪੂਰੀ ਕਰਨ ਦੇ ਉਨ੍ਹਾਂ ਨੇ ਨਸ਼ਿਆਂ ਦਾ ਹੋਰ ਪਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਜ਼ਾਰ-ਹਜ਼ਾਰ 1500-1500 ਦੇ ਕੇ ਉਨ੍ਹਾਂ ਨੂੰ ਖ਼ਰੀਦਣ ਦੇ ਯਤਨ ਕੀਤੇ ਜਾ ਰਹੇ ਹਨ। ਪਰੰਤੂ ਪੰਜਾਬ ਦੀਆਂ ਮਾਵਾਂ ਧੀਆਂ ਅਜਿਹੇ ਲਾਲਚਾਂ ਵਿੱਚ ਨਹੀਂ ਆਉਣਗੀਆਂ। ਇਸ ਮੌਕੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਧੀਆਂ ਨੂੰ ਸ਼ਗਨ ਸਕੀਮ ਸ਼ੁਰੂ ਕਰਕੇ ਪਹਿਲ ਕਦਮੀ ਕੀਤੀ ਗਈ ਸੀ। ਇਸ ਤੋਂ ਇਲਾਵਾ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ, ਕਿਸਾਨਾਂ ਦੇ ਬਿਜਲੀ ਬਿੱਲ ਮਾਫ਼, ਟਿਊਬਵੈੱਲ ਕਨੈਕਸ਼ਨ, ਪਿੰਡਾਂ, ਸ਼ਹਿਰਾਂ, ਕਸਬਿਆਂ ਦਾ ਵਿਕਾਸ ਅਤੇ ਆਟਾ-ਦਾਲ ਅਤੇ 200 ਬਿਜਲੀ ਯੂਨਿਟ ਮਾਫ਼ ਦੇਣ ਦੀ ਸਹੂਲਤ ਵੀ ਅਕਾਲੀ ਦਲ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪੰਜਾਬ ਵਿੱਚੋਂ ਨਸ਼ੇ ਖ਼ਤਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਹੇਠ ਇੱਕ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ ਜੋ ਮਾਈ ਭਾਗੋ ਦੀ ਫ਼ੌਜ ਵੱਲੋਂ ਇਕੱਠੇ ਕੀਤੇ ਡਾਟੇ ਦੀ ਘੋਖ ਕਰਦਿਆਂ ਉਸ ਮੁਤਾਬਕ ਕਾਰਵਾਈ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਨਸ਼ਾ ਤਸਕਰਾਂ ਨੂੰ ਸਜ਼ਾ ਮਿਲੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇੜੀਆਂ ਦੇ ਮੁੜ ਵਸੇਬੇ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹੁਨਰ ਸਿਖਲਾਈ ਦੇ ਕੇ ਕਰਜ਼ੇ ਦੇ ਕੇ ਨਵੀਂ ਸ਼ੁਰੂਆਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਬਣਾ ਕੇ ਸਾਰੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ 'ਤੇ ਸੁਖਜਿੰਦਰ ਸਿੰਘ ਸੋਨੂ ਲੰਗਾਹ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਵਿੱਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪਲੇਠੀ ਮੀਟਿੰਗ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹੋ ਜਿਹੀਆਂ ਮਹਿਲਾਵਾਂ ਦੀਆਂ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ 'ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਸਬੰਧੀ ਵੀ ਜਾਣੂ ਕਰਵਾਇਆ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕੀਤਾ।
-- ਸੋਨੀਆ ਗਾਂਧੀ ਵੱਲੋਂ ਸਿੱਖ ਕਤਲੇਆਮ ਲਈ ਮਾਫ਼ੀ ਨਾ ਮੰਗਣ ਦੀ ਨਿਖੇਧੀ
ਹਰਸਿਮਰਤ ਕੌਰ ਬਾਦਲ ਨੇ ਸੋਨੀਆ ਗਾਂਧੀ ਵੱਲੋਂ ਆਪਣੀ ਪੁਸਤਕ ਵਿੱਚ 1984 ਵਿੱਚ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖ ਕਤਲੇਆਮ ਲਈ ਮੁਆਫ਼ੀ ਨਾ ਮੰਗਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਕਾਂਗਰਸ ਵੱਲੋਂ ਬਣਾਈ ਯੋਜਨਾ ਦੇ ਤਹਿਤ ਕਰਵਾਏ ਸਿੱਖ ਕਤਲੇਆਮ ਲਈ ਮੁਆਫ਼ੀ ਮੰਗਣ ਤੋਂ ਗੁਰੇਜ਼ ਕੀਤਾ ਹੈ। ਇਨ੍ਹਾਂ ਨੇ ਡਾ. ਮਨਮੋਹਨ ਸਿੰਘ ਤੋਂ ਕਤਲੇਆਮ ਦੀ ਮੁਆਫ਼ੀ ਮੰਗਵਾ ਲਈ ਪਰ ਖ਼ੁਦ ਮੁਆਫ਼ੀ ਮੰਗਣ ਤੋਂ ਭੱਜ ਗਏ ਹਨ। ਇਸ ਮੌਕੇ 'ਤੇ ਸਰਨਜੀਤ ਕੌਰ ਜੀਧੜ, ਬਲਵਿੰਦਰ ਕੌਰ ਅਲੀਸ਼ੇਰ ਸਮੇਤ ਅਕਾਲੀ ਦਲ ਦੀਆਂ ਮਹਿਲਾ ਆਗੂਆਂ ਵੱਲੋਂ ਵੀ ਰੈਲੀ ਨੂੰ ਸੰਬੋਧਨ ਕੀਤਾ ਗਿਆ।