- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੀਤੇ ਜਾਣਗੇ ਅਹਿਮ ਉਪਰਾਲੇ : ਡੀਐੱਸਪੀ ਹਰਿੰਦਰ ਸਿੰਘ

ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ : ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਹਰਿੰਦਰ ਸਿੰਘ ਪੀਪੀਐੱਸ ਨੂੰ ਡੀਐੱਸਪੀ ਸਿਟੀ ਬਟਾਲਾ ਨਿਯੁਕਤ ਕੀਤਾ ਗਿਆ ਹੈ। ਜਦਕਿ ਡੀਐੱਸਪੀ ਸੁਖਵਿੰਦਰ ਸਿੰਘ ਦਾ ਬਟਾਲਾ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਡੀਐੱਸਪੀ. ਸੰਗਰੂਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਈ ਰੱਖਣਾ ਵੀ ਉਨ੍ਹਾਂ ਦੀ ਪਹਿਲ ਹੋਵੇਗੀ, ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਕਿ ਐੱਸਐੱਸਪੀ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਹਿਮ ਉਪਰਾਲੇ ਕੀਤੇ ਜਾਣਗੇ। ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਗੰਭੀਰਤਾ ਨਾਲ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ। ਪੁਲਿਸ ਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਇਲਾਕੇ ਵਿੱਚ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ।