- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਬੱਬਰੀ ਵਿਖੇ ਜਲਦ ਸ਼ੁਰੂ ਹੋਵੇਗੀ ਐੱਮਆਰਆਈ ਦੀ ਸਹੂਲਤ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਰਮਨ ਬਹਿਲ ਵੱਲੋਂ ਸਿਵਲ ਹਸਪਤਾਲ ਬੱਬਰੀ ਵਿਖੇ ਪਹੁੰਚ ਕੇ ਬਣ ਰਹੇ ਐੱਮਆਰਆਈ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਬਹੁਤ ਜਲਦ ਸਿਵਲ ਹਸਪਤਾਲ ਬੱਬਰੀ ਵਿਖੇ ਐੱਮਆਰਆਈ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਮਆਰਆਈ ਮਸ਼ੀਨ ਲਈ ਕਮਰਾ ਤਿਆਰ ਹੋ ਚੁੱਕਾ ਹੈ, ਜਨਰੇਟਰ ਲਗਾਇਆ ਜਾ ਚੁੱਕਾ ਹੈ ਅਤੇ ਬਿਜਲੀ ਦੀ ਵਾਇਰਿੰਗ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। ਹੁਣ ਜਲਦ ਹੀ ਐੱਮਆਰਆਈ ਮਸ਼ੀਨ ਹਸਪਤਾਲ ਵਿਖੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਇੱਥੇ ਹੀ ਐੱਮਆਰਆਈ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਰਮਨ ਬਹਿਲ ਨੇ ਕਿਹਾ ਕਿ ਐੱਮਆਰਆਈ ਦੀ ਸਹੂਲਤ ਨਾ ਹੋਣ ਕਾਰਨ ਹੁਣ ਤੱਕ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਐੱਮਆਰਆਈ ਕਰਵਾਉਣ ਲਈ ਅੰਮ੍ਰਿਤਸਰ ਜਾਂ ਪਠਾਨਕੋਟ ਜਾਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਸਮੇਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬੱਬਰੀ ਵਿਖੇ ਇਹ ਸਹੂਲਤ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਆਧੁਨਿਕ ਜਾਂਚ ਦੀ ਸਹੂਲਤ ਉਪਲਬਧ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਵਿਖੇ ਉਨ੍ਹਾਂ ਵਲੋਂ ਕੀਤੇ ਯਤਨਾਂ ਸਦਕਾ ਅਲਟਰਾਸਾਊਂਡ ਅਤੇ ਸੀ ਟੀ ਸਕੈਨ ਦੀ ਸਹੂਲਤ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ ਹੁਣ ਐਮ ਆਰ ਆਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਹਰ ਸੰਭਵ ਬੁਨਿਆਦੀ ਅਤੇ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।