- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਸ਼ਮੀਰ ਸਿੰਘ ਸੰਧੂ/ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਦੀਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਉਪਰੰਤ ਫੁੱਲਾਂ ਨਾਲ ਸਜੀ ਹੋਈ ਸੁੰਦਰ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਪੁਲਿਸ ਥਾਣਾ ਕਾਦੀਆਂ ਦੇ ਐੱਸਐੱਚਓ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਜਦਕਿ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਗੱਤਕਾ ਪਾਰਟੀਆਂ ਨੇ ਗੱਤਕੇ ਦੇ ਸ਼ਾਨਦਾਰ ਜ਼ੌਹਰ ਦਿਖਾਏ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਅਤੁੱਟ ਲੰਗਰ ਲਗਾਏ ਅਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਮੈਂਬਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪੰਜਾਂ ਪਿਆਰਿਆਂ, ਐੱਸਐੱਚਓ ਪ੍ਰਭਜੋਤ ਸਿੰਘ ਸਮੇਤ ਸਹਿਯੋਗੀ ਸੱਜਣਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।