- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ, ਘੁਮਾਣ : ਜਗਤ ਗੁਰੂ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ। ਇਹ ਨਗਰ ਕੀਰਤਨ ਗੁਰੂਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਸ਼ੁਰੂ ਹੋ ਕੇ ਪੱਤੀ ਵਾੜੇ, ਗੁਰੂਦੁਆਰਾ ਜੀਵਨ ਸਿੰਘ, ਮੇਨ ਬਾਜ਼ਾਰ ਘੁਮਾਣ, ਅੱਡਾ ਚੋਂਕ ਘੁਮਾਣ, ਗੁਰਦੁਆਰਾ ਤਪਿਆਣਾ ਸਾਹਿਬ ਤੋਂ ਗੁਰਦੁਆਰਾ ਚਰਨਕਮਲ ਸਾਹਿਬ ਤੋਂ ਸ਼੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਪਹੁੰਚਿਆ। ਜਿੱਥੇ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਅਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਨਾਮਦੇਵ ਦਰਬਾਰ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਵਿੱਖੇ ਪਹੁੰਚ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਡਾ. ਕਮਲਜੀਤ ਸਿੰਘ ਕੇਜੇ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਸਰਪੰਚ ਮਨਜੀਤ ਸਿੰਘ ਵਾੜੇ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਲਾਈ ਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਫਿਰਨਾ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਰੋਹੀਵਾਲ ਨੇ ਆਗੂਆਂ ਨੂੰ ਸਨਮਾਨਿਤ ਕੀਤਾ ਤੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ 24 ਨਵੰਬਰ ਰਾਤ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਾਬਾ ਫਿਰਨਾਂ ਜੀ ਵਿੱਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ’ਚ ਪੰਥ ਪ੍ਰਸਿੱਧ ਰਾਗੀ ਢਾਡੀ ਕੀਰਤਨੀ ਜਥੇ ਪਹੁੰਚ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ। ਨਗਰ ਕੀਰਤਨ ਦਾ ਵੱਖ-ਵੱਖ ਬਾਜ਼ਾਰਾਂ ’ਚ ਸ਼ਰਧਾਲੂਆ ਵੱਲੋਂ ਭਰਵਾਂ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਲਈ ਮਿਠਾਇਆ, ਫਲ, ਚਾਹ, ਪਕੋੜਿਆਂ ਆਦਿ ਦੇ ਲੰਗਰ ਵਰਤਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਮਨਜੀਤ ਸਿੰਘ, ਸਾਬਕਾ ਪ੍ਰਧਾਨ ਡਾ. ਨਰਿੰਦਰ ਸਿੰਘ, ਅਮਰੀਕ ਸਿੰਘ ਰੋਹੀਵਾਲ, ਹੰਸਪਾਲ ਸਿੰਘ ਲੰਬੜਦਾਰ ਆਦਿ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।