ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਲਈ ਸਹਿਯੋਗ ਦੀ ਲੋੜ : ਏਡੀਸੀ ਢਿੱਲੋਂ
ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸਹਿਯੋਗ ਦੀ ਲੋੜ: ਏਡੀਸੀ ਢਿੱਲੋਂ
Publish Date: Mon, 22 Jun 2026 04:30 PM (IST)
Updated Date: Mon, 22 Jun 2026 04:31 PM (IST)

ਰਾਮ, ਪੰਜਾਬੀ ਜਾਗਰਣ ਬਟਾਲਾ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀਐੱਲਏਜ਼) ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤੀ। ਉਨ੍ਹਾਂ ਟ੍ਰੇਨਿੰਗ ਦੌਰਾਨ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਤੀਬਰ ਸੋਧ 2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਐੱਸਆਈਆਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (ਬੀਐੱਲਓਜ਼) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀਐੱਲਏ ਵੱਲੋਂ ਬੀਐੱਲਓ ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ।ਟ੍ਰੇਨਿੰਗ ਦੌਰਾਨ ਬੀਐੱਲਏਜ਼ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਵੋਟਰ ਰਜਿਸਟ੍ਰੇਸ਼ਨ, ਨਾਮ ਸ਼ਾਮਲ ਕਰਨ, ਸੋਧ ਕਰਨ ਅਤੇ ਹੋਰ ਚੋਣੀ ਪ੍ਰਕਿਰਿਆਵਾਂ ਸਬੰਧੀ ਪ੍ਰਯੋਗਿਕ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ, ਬੀਐੱਲਏਜ਼ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।