ਰਣਜੀਤ ਬਾਵਾ, ਘੁਮਾਣ

ਕੰਪਿਊਟਰ ਅਧਿਆਪਕ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ ਨੇ ਸਾਂਝਾ ਤੌਰ 'ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੇ ਲਾਰੇ ਲੱਪੇ ਵਾਲ਼ੀ ਨੀਤੀ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕਾਂ ਵੱਲੋਂ 31 ਅਕਤੂਬਰ ਐਤਵਾਰ ਨੂੰ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਮੋਰਿੰਡਾ ਵਿਖੇ ਮੁੱਖ ਮੰਤਰੀ ਨਿਵਾਸ ਸਾਹਮਣੇ ਪੱਕਾ ਸਰੂ ਕਰਨ ਦਾ ਐਲਾਨ ਕੀਤਾ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ 'ਚ ਮਰਜਿੰਗ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਤੇ ਮੰਗਾਂ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਬਜਾਏ ਲਾਰੇ ਵਾਲੀ ਨੀਤੀ ਅਪਣਾਈ ਹੋਈ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮੌਜੂਦਾ ਤਨਖ਼ਾਹ ਸਮੇਤ ਮਰਜ ਕਰਨ ਤੇ ਪੰਜਾਬ ਸਰਕਾਰ ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪੈਂਦਾ ਕਿਉਂਕਿ ਕੰਪਿਊਟਰ ਅਧਿਆਪਕਾਂ ਦੀ ਤਨਖਾਹਾਂ ਦਾ ਬਜਟ ਪਹਿਲਾਂ ਹੀ ਵਿੱਤ ਵਿਭਾਗ ਵੱਲੋਂ ਦਿੱਤਾ ਜਾਂਦਾ ਹੈ ਪਰ ਸੂਬਾ ਸਰਕਾਰ ਜਾਣ-ਬੁੱਝ ਕੇ ਕੰਪਿਊਟਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ। ਕੰਮਿਊਟਰ ਅਧਿਆਪਕਾਂ ਤੇ 2010 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਅਤੇ 2011 ਵਿੱਚ ਮਿਲੇ ਰੈਗੂਲਰ ਨਿਯੁਕਤੀ ਪੱਤਰਾ ਅਨੁਸਾਰ ਬਣਦੇ ਲਾਭ ਅਤੇ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸੂਬਾ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਸਿਖਿਆ ਵਿਭਾਗ ਵਿਚ ਮਰਜ ਕਰੇ ਜਿੰਨਾ ਚਿਰ ਤੱਕ ਸਾਡੀ ਇਹ ਮੰਗ ਪ੍ਰਵਾਨ ਨਹੀਂ ਕੀਤੀ ਜਾਂਦੀ ਉਨਾਂ੍ਹ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਗੂ ਨਰਿੰਦਰਪਾਲ, ਗੁਰਜਿੰਦਰ ਸਿੰਘ, ਸੁਖਬੀਰ ਸਿੰਘ, ਨਰੇਸ ਸ਼ਰਮਾ, ਹਰਪ੍ਰਰੀਤ ਸਿੰਘ, ਦੀਪਕ ਆਦਿ ਹਾਜ਼ਰ ਸਨ।